

ਬਠਿੰਡਾ(ਸਾਰਾ ਯਹਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ। ਸਰਕਾਰ ਨੇ ਅਗਲੇ ਵਰ੍ਹੇ ਮਨ੍ਹਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਮਾਰਗਾਂ ਦੇ ਨਾਂ ਗੁਰੁ ਸਾਹਿਬ ਦੇ ਨਾਮ ’ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿੱਥੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ ਉੱਥੇ ਉਨ੍ਹਾਂ ਨੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਰਕਾਰ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ’ਤੇ ਸਵਾਲ ਉਠਾਂਉਦਿਆਂ ਕਮੇਟੀ ਵਿੱਚ ਸਿਰਫ ਸਾਬਤ ਸੂਰਤ ਆਗੂ ਹੀ ਨਾਮਜ਼ਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਗੁਰਮਤਿ ਪ੍ਰਚਾਰ ਲਹਿਰ ਦੀ ਲੜੀ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰੰਭ ਕੀਤੇ ਗੁਰਬਾਣੀ ਪਾਠ ਬੋਧ ਸਮਾਗਮ ਸੰਪੂਰਨ ਹੋ ਗਿਆ। ਇਸ ਮੌਕੇ ਸਮਾਪਤੀ ਸਮਾਗਮ ਕਰਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਤੇ ਤਖ਼ਤ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਗੁਰਬਾਣੀ ਪਾਠ ਬੋਧ ਵਿੱਚ ਭਾਗ ਲੈਣ ਵਾਲੇ ਸਾਰੇ ਗ੍ਰੰਥੀ ਸਿੰਘਾਂ ਦਾ ਸਨਮਾਨ ਕੀਤਾ ਗਿਆ। ਪਾਠ ਬੋਧ ਸਮਾਗਮ ਦੌਰਾਨ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਸੇਵਾ ਨਿਭਾਅ ਰਹੇ ਹਰ ਗ੍ਰੰਥੀ ਤੇ ਅਖੰਡਪਾਠੀ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਸਿੱਖਿਆ ਦਿੱਤੀ ਗਈ।
ਗੁਰਬਾਣੀ ਪਾਠ ਬੋਧ ਸਮਾਗਮ ਵਿੱਚ ਗੁਰਬਾਣੀ ਦੀ ਮੁਕੰਮਲ ਸੰਥਿਆ ਲੈਣ ਵਾਲੇ ਗ੍ਰੰਥੀਆਂ ਤੇ ਅਖੰਡਪਾਠੀਆਂ ਨੂੰ ਸਿਰੋਪਾਓ, ਪ੍ਰਮਾਣ ਪੱਤਰ ਤੇ 1500 ਰੁਪਏ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਪਾਠ ਬੋਧ ਸਮਾਗਮ ਹੋਣਗੇ ਅਤੇ ਅਗਲਾ ਸਮਾਗਮ ਪਹਿਲੀ ਜੂਨ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਾਇਆ ਜਾਵੇਗਾ।
First Published: Saturday, 19 May 2018























