

ਮਾਨਸਾ 18 ਫਰਵਰੀ (ਸਾਰਾ ਯਹਾਂ) : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੇ ਦਿਨੀਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਅਧਿਆਪਕ ਪਰਵ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਸਾਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਪਹਿਲਾਂ ਸਥਾਨ ਪ੍ਰਾਪਤ ਅਧਿਆਪਕਾਂ ਵਲੋਂ ਭਾਗ ਲਿਆ ਗਿਆ।
ਇਹਨਾਂ ਅਧਿਆਪਕ ਪਰਵ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ 12 ਅਧਿਆਪਕਾਂ ਨੇ ਭਾਗ ਲਿਆ। ਇਹਨਾਂ ਅਧਿਆਪਕਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾ ਦੇ ਸਾਇੰਸ ਅਧਿਆਪਕਾਂ ਸਪਨਾ ਬਾਂਸਲ ਨੇ ਇਸ ਸੂਬਾ ਪੱਧਰੀ ਅਧਿਆਪਕ ਪਰਵ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਅਧਿਆਪਕ ਦੇ ਸਕੂਲ ਪਹੁੰਚਣ ਤੇ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਨਵੀ ਸੋਚ ਹੀ ਬੱਚਿਆਂ ਨੂੰ ਉੱਚਾਈਆਂ ਤੱਕ ਪਹੁੰਚਾਉਂਦੀ ਹੈ। ਇਹ ਸਨਮਾਨ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਕੂਲ ਅਤੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ।
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ ਅਤੇ ਹੋਰ ਅਧਿਆਪਕਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਵਲੋਂ ਇਸ ਵਿਸ਼ੇਸ਼ ਪ੍ਰਾਪਤੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਨਵਨੀਤ ਕੱਕੜ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਲੈਕਚਰਾਰ ਡਾ ਵੀਰਪਾਲ ਕੌਰ, ਲੈਕਚਰਾਰ ਜਸਵੀਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ, ਸੋਨੀ ਸਿੰਗਲਾ ਬੀ ਆਰ ਸੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।























