*ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਲਿਆ ਆਂਗਣਵਾੜੀ ਮੁਲਾਜ਼ਮਾਂ ਦੀ ਭਰਤੀ ਵਿੱਚ ਇੰਟਰਵਿਊ ਰੱਖਣ ਦਾ ਸਖ਼ਤ ਨੋਟਿਸ*

0
96

ਬੁਢਲਾਡਾ-2 ਜਨਵਰੀ- (ਸਾਰਾ ਯਹਾਂ/ਮੇਹਤਾ ਅਮਨ ) – ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਇੰਟਰਵਿਊ ਰੱਖੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਮੰਗ ਕੀਤੀ ਕਿ ਇਸਨੂੰ ਫੌਰੀ ਰੱਦ ਕੀਤਾ ਜਾਵੇ।

    ਅੱਜ ਇੱਥੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਦੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ ਤਾਂ ਉਸ ਵਿਚ ਇੰਟਰਵਿਊ ਦਾ ਜਿੱਕਰ ਨਹੀਂ ਸੀ। ਆਗੂਆਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਚਹੇਤਿਆਂ ਨੂੰ ਭਰਤੀ ਕਰਨ ਲਈ ਇੰਟਰਵਿਊ ਦੇ ਪੰਜ ਨੰਬਰ ਲਗਾਉਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। 

     ਆਗੂਆਂ ਨੇ ਕਿਹਾ ਕਿ 15-7- 2025 ਦੀਆਂ ਗਾਈਡ ਲਾਈਨਾਂ ਮੁਤਾਬਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਾਦਰਸ਼ਾਹੀ ਫੁਰਮਾਨ ਵਾਪਸ ਨਾ ਲਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਹੁਕਮ ਹੈ ਕਿ ਤਿੰਨ ਮਹੀਨੇ ਤੋਂ ਜ਼ਿਆਦਾ ਕੋਈ ਵੀ ਆਂਗਣਵਾੜੀ ਕੇਂਦਰ ਵਰਕਰ ਜਾਂ ਹੈਲਪਰ ਤੋਂ ਖਾਲੀ ਨਾ ਰਹੇ ਪ੍ਰੰਤੂ ਇੱਥੇ ਤਿੰਨ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਲੋੜੀਂਦੀਆਂ ਮੁੱਢਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਭਰਤੀ ਵਿਚ ਇੰਟਰਵਿਊ ਦੇ ਨੰਬਰ ਲਗਾਉਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਜਥੇਬੰਦੀ ਮਜਬੂਰਨ ਤਿੱਖਾ ਸੰਘਰਸ਼ ਵਿੱਢੇਗੀ।

   ਉਨ੍ਹਾਂ ਤੋਂ ਇਲਾਵਾ ਜਥੇਬੰਦੀ ਦੀ ਜ਼ਿਲ੍ਹਾ ਆਗੂਆਂ ਕਮਲਦੀਪ ਕੌਰ ਝੰਡਾ ਕਲਾਂ, ਡੇਜ਼ੀ ਗੁਪਤਾ, ਚਰਨਜੀਤ ਕੌਰ ਮਾਨਸਾ, ਅਵਿਨਾਸ਼ ਕੌਰ ਤੇਜਿੰਦਰ ਕੌਰ ਵਾਲੀਆ, ਦਲਜੀਤ ਕੌਰ ਮਾਨਸਾ, ਮਨਜੀਤ ਕੌਰ ਬੀਰੋਕੇ ਆਦਿ ਨੇ ਇੰਟਰਵਿਊ ਰੱਖੇ ਜਾਣ ਨੂੰ ਫੌਰੀ ਵਾਪਸ ਲੈਣ ਦੀ ਮੰਗ ਕੀਤੀ ਹੈ।

NO COMMENTS