
- ਸੁਖਮਨੀ ਸਾਹਿਬ ਦਾ ਕੀਤਾ ਜਾਵੇਗਾ ਪਾਠ –
ਸਰਦੂਲਗੜ/ ਝੁਨੀਰ 21 ਅਕਤੂਬਰ (ਸਾਰਾ ਯਹਾਂ/ਬਲਜੀਤਪਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਝੁਨੀਰ ਜ਼ਿਲਾ ਮਾਨਸਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ਪ੍ਰਧਾਨ ਗੁਰਮੇਲ ਕੌਰ ਝੁਨੀਰ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਅਾ ਦੇ ਘਰ ਅੱਗੇ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜ਼ੇ ਤੱਕ ਭੁੱਖ ਹੜਤਾਲ ਰੱਖਣਗੀਆਂ ਅਤੇ ਉਥੇ ਬੈਠ ਕੇ ਯੂਨੀਅਨ ਦਾ 21 ਮੈਂਬਰੀ ਵਫ਼ਦ ਸੁਖਮਨੀ ਸਾਹਿਬ ਦਾ ਪਾਠ ਕਰੇਗਾ । ਆਗੂਆਂ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ ਤੇ ਨਾਅਰੇਬਾਜ਼ੀ ਕੀਤੀ ਹੈ । ਪਰ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਲਈ ਰਾਸ਼ਨ ਪਹਿਲਾਂ ਵਾਂਗ ਹੀ ਵਰਕਰਾਂ ਨੂੰ ਸੈਂਟਰਾਂ ਵਿੱਚ ਦਿੱਤਾ ਜਾਵੇ ਤੇ ਠੇਕੇਦਾਰੀ ਸਿਸਟਮ ਦਾ ਜਥੇਬੰਦੀ ਸਖਤ ਵਿਰੋਧ ਕਰੇਗੀ ।























