ਮਾਨਸਾ 21 ਅਪ੍ਰੈਲ (ਸਾਰਾ ਯਹਾ,(ਬਲਜੀਤ ਪਾਲ ) ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਨਾ ਕਰਨ ਦੇ ਫੈਸਲੇ ਦਾ ਪੰਜਾਬ ਕਿਸਾਨ ਯੂਨੀਅਨ ਵੱਲੋਂ ਸਖਤ ਵਿਰੋਧ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕਣਕ ਦੀ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਸੜਕਾਂ ‘ਤੇ ਉÎੱਤਰਨ ਲਈ ਮਜ਼ਬੂਰ ਹੋਣਗੇ।
ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੂਬਾ ਸੀਨੀਅਰ ਮੀਤ ਪ੍ਰਧਾਨ, ਗੋਰਾ ਸਿੰਘ ਅਤੇ ਜਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿੰਘ ਫਫੜੇ ਭਾਈ ਕੇ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਦੀਆਂ ਖਰੀਦ ਏਜੰਸੀਆਂ ਮਾਰਕਫੈÎੱਡ, ਵੇਅਰਹਾਊਸ, ਪੰਜਾਬ ਐਗਰੋ, ਪਨਸਪ ਅਤੇ ਪਨਗਰੇਨ ਦੇ ਅਧਿਕਾਰੀਆਂ ਵੱਲੋਂ ਜੋ ਦੋ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ, ਉਸਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮੀਂਹ, ਝੱਖੜ ਅਤੇ ਗੜੇਮਾਰੀ ਦੀ ਮਾਰ ਝੱਲ ਰਹੇ ਹਨ। ਹੁਣ ਜਦੋਂ ਮੰਡੀਆਂ ਵਿੱਚ ਕਣਕ ਆਉਣੀ ਸ਼ੁਰੂ ਹੋਈ ਹੈ ਤਾਂ ਖਰੀਦ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕਰਨਾ ਸ਼ਰੂ ਕਰ ਦਿੱਤਾ ਗਿਆ ਹੇ। ਅਧਿਕਾਰੀ ਕਣਕ ਵਿੱਚ ਸਿੱਲ੍ਹ ਦੀ ਮਾਤਰਾ ਜ਼ਿਆਦਾ ਹੋਣ ਦਾ ਬਹਾਨਾ ਬਣਾ ਕੇ ਫਸਲ ਵਿਚੋਂ ਕਾਟ ਕੱਟਣ ਲਈ ਮਜ਼ਬੂਰ ਕਰ ਰਹੇ ਹਨ ਜਿਸ ਨਾਲ ਕਿਸਾਨਾਂ ਨੂੰ ਦੂਹਰੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਪਹਿਲਾਂ ਕੁਦਰਤੀ ਕਰੋਪੀ ਨੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ, ਹੁਣ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਮੰਡੀਆਂ ਵਿਚੋਂ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਪਹਿਲ ਦੇ ਆਧਾਰ 'ਤੇ ਕਰਨਗੇ ਪਰ ਹੁਣ ਉਹ ਆਪਣੇ ਵਾਅਦੇ ਨੂੰ ਭੁੱਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਜਿਲ੍ਹੇ ਦੀਆਂ ਅਨਾਜ ਮੰਡੀਆਂ ਨੱਕੋ ਨੱਕ ਕਣਕ ਦੀ ਫਸਲ ਨਾਲ ਭਰੀਆਂ ਪਈਆਂ ਹਨ ਅਤੇ ਕਿਸਾਨ ਪੁੱਤਾਂ ਵਾਂਗ ਪਾਲੀ ਫਸਲ ਨੂੰ ਕੱਚੇ ਫੜ੍ਹਾਂ ਅਤੇ ਰੇਤੇ ਵਿੱਚ ਸੁੱਟਣ ਲਈ ਮਜ਼ਬੂਰ ਹੋ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਲ੍ਹ ਤੋਂ ਕਣਕ ਦੀ ਨਿਰਵਿਘਨ ਖਰੀਦ ਸ਼ੁਰੂ ਨਾ ਹੋਈ ਤਾਂ ਉਹ ਕਿਸਾਨਾਂ ਨੂੰ ਨਾਲ ਲੈ ਕੇ ਸੜਕਾਂ ਜਾਮ ਕਰਨ ਲਈ ਮਜ਼ਬੂਰ ਹੋਣਗੇ ਜਿਸਦੀ ਜ਼ਿੰਮੇਵਾਰੀ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।