

ਮਾਨਸਾ, 13 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਅਦਾਰਿਆਂ ਲਈ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ ਦਾ ਲਾਇਸੰਸ/ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬਿਨ੍ਹਾਂ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਖਾਧ ਪਦਾਰਥ ਵੇਚਣ ਵਾਲਿਆਂ ‘ਤੇ ਫੂਡ ਸੇਫਟੀ ਐਕਟ ਅਧੀਨ ਕਾਰਵਾਈ ਕੀਤੀ ਜਾਵੇ।
ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਮਹੀਨਾ ਅਗਸਤ, ਸਤੰਬਰ ਅਤੇ ਅਕਤੂਬਰ 2025 ਦੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਣ ਪੀਣ ਵਾਲੀਆਂ ਵਸਤਾਂ ਦੀ ਸਾਫ ਸਫਾਈ, ਅਦਾਰਿਆਂ, ਮਿਡ ਡੇਅ ਮੀਲ ਦੇ ਲਾਇਸੰਸ/ਰਜਿਸਟ੍ਰੇਸ਼ਨ, ਅਦਾਰਿਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੇ ਮੈਡੀਕਲ ਟੈਸਟ ਹੋਣੇ ਲਾਜ਼ਮੀ ਹਨ ਤਾਂ ਜੋ ਲੋਕਾਂ ਨੂੰ ਪੋਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿਚ ਸਟੋਰ ਰੂਮ ਨੂੰ ਸਾਫ ਸੁੱਥਰਾ ਰੱਖਿਆ ਜਾਵੇ ਤਾਂ ਜੋ ਭੋਜਨ ਪਦਾਰਥਾਂ ਦਾ ਖਰਾਬਾ ਨਾ ਹੋਵੇ। ਉਨ੍ਹਾਂ ਹਦਾਇਤ ਕੀਤੀ ਕਿ ਮਠਿਆਈਆਂ, ਡੇਅਰੀ ਪਦਾਰਥਾਂ ਆਦਿ ਦੇ ਨਮੂਨਿਆਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਗ਼ੈਰ ਮਿਆਰੀ ਸਾਮਾਨ ਵੇਚਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵੈਨ ਨੂੰ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਭੇਜ ਕੇ ਲਗਾਤਾਰ ਸੈਂਪਲਿੰਗ ਕੀਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨਾਲ ਹੀ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਸਕੂਲਾਂ ਵਿਚ ਮਿਡ ਡੇਅ ਮੀਲ ਬਣਾਉਣ ਵਾਲੇ ਸਾਰੇ ਕਰਮਚਾਰੀਆਂ ਦਾ ਮੈਡੀਕਲ ਕਰਵਾਇਆ ਜਾਵੇ ਅਤੇ ਸਕੂਲਾਂ ਵਿਚ ਬੱਚਿਆਂ ਨੂੰ ਫੂਡ ਸੇਫਟੀ ਬਾਰੇ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਹਦਾਇਤ ਕੀਤੀ ਕਿ ਖਾਣ ਪੀਣ ਦਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ‘ਤੇ ਜਾਗਰੂਕਤਾ ਕੈਂਪ ਲਗਾ ਕੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ/ਲਾਇਸੰਸ ਬਣਵਾਉਣ, ਸਾਫ ਸਫਾਈ ਅਤੇ ਕਰਮਚਾਰੀਆਂ ਦੇ ਮੈਡੀਕਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਵਸਤਾਂ ਬਣਾਉਣ ਵਾਲਿਆਂ ਲਈ ਸਿਰ ਢਕ ਕੇ ਰੱਖਣਾ, ਸਾਫ ਕੱਪੜੇ ਪਹਿਨਣਾਂ, ਕੋਈ ਗਹਿਣਾ ਆਦਿ ਨਾ ਪਹਿਨਣ ਅਤੇ ਸੁਰੱਖਿਅਤ ਭੋਜਨ ਦੇ ਮਾਪਦੰਡਾਂ ਅਨੁਸਾਰ ਕੰਮ ਕਰਨ ਲਈ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਫੂਡ ਸੇਫਟੀ ਸਬੰਧੀ 148 ਰਜਿਸਟ੍ਰੇਸ਼ਨਾਂ ਅਤੇ 23 ਲਾਇਸੰਸ ਕੀਤੇ ਜਾਰੀ ਕੀਤੇ ਗਏ ਹਨ। ਫੂਡ ਸੇਫਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ 20 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ‘ਤੇ ਖਾਦ ਪਦਾਰਥਾਂ ਦੀ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਫੇਲ ਨਮੂਨਿਆਂ ਦੇ ਮਾਮਲੇ ਵਿਚ ਵਧੀਕ ਡਿਪਟੀ ਕਮਿਸ਼ਨਰ ਜੀ ਦੀ ਅਦਾਲਤ ਵਿਚ ਕੇਸ ਲਗਾਇਆ ਜਾਂਦਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਅਤੇ ਸੈਕੰਡਰੀ), ਸੀਨੀਅਰ ਪੁਲਿਸ ਕਪਤਾਨ ਦਫ਼ਤਰ ਦੇ ਨੁਮਾਇੰਦੇ, ਨਗਰ ਕੌਂਸਲ ਦੇ ਨੁਮਾਇੰਦੇ, ਮੰਡੀ ਬੋਰਡ ਮਾਨਸਾ ਦੇ ਨੁਮਾਇੰਦੇ, ਪ੍ਰਧਾਨ (ਹਲਵਾਈ, ਬੇਕਰੀ ਅਤੇ ਕਰਿਆਨਾ ਯੂਨੀਅਨ ) ਆਦਿ ਹਾਜਰ ਸਨ।























