

ਮਾਨਸਾ, 29 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) : ਫਿੱਟ ਇੰਡੀਆ ਮੂਵਮੈਂਟ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਰੱਖਿਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਸਹੁੰ ਚੁਕਾਈ।
ਖੇਡ ਵਿਭਾਗ ਮਾਨਸਾ ਅਤੇ ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਸਾਂਝੇ ਉੱਦਮਾਂ ਸਦਕਾ ਕਰਵਾਏ ਇਸ ਸਮਾਗਮ ਵਿੱਚ ਪਤਵੰਤਿਆਂ ਨੇ ਖੇਡਾਂ ਨੂੰ ਅਪਣਾਉਣ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਪ੍ਰਣ ਲਿਆ। ਇਹ ਸਮਾਗਮ ਅੱਜ ਪੂਰੇ ਦੇਸ਼ ਭਰ ਵਿੱਚ ਕਰਵਾਇਆ ਗਿਆ, ਜਿਸ ਦਾ ਕੌਮੀ ਪੱਧਰੀ ਸਿੱਧਾ ਪ੍ਰਸਾਰਣ ਇੰਦਰਾ ਗਾਂਧੀ ਸਟੇਡੀਅਮ ਦਿੱਲੀ ਤੋਂ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਪ੍ਰਧਾਨਗੀ ਵਿੱਚ ਹੋਇਆ।
ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਖੇਡਾਂ ਜਿੱਥੇ ਵਿਅਕਤੀ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਮਾਨਸਿਕ ਤੰਦਰੁਸਤੀ ਵੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਦਿਲਚਸਪੀ ਵਧਾਉਣ ਲਈ ਸਾਨੂੰ ਸਾਰਿਆਂ ਨੂੂੰ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਮੈਂ ਤੋਂ ਉੱਪਰ ਉੱਠ ਕੇ ਅਸੀਂ ਦੀ ਭਾਵਨਾ ਨਾਲ ਖੇਡਾਂ ਖੇਡਣੀਆਂ ਚਾਹਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਣ ਕਰਨਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸਿਸ਼ਟ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਹਰਪਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੁਲਾਜ਼ਮ, ਖੇਡ ਕੋਚ ਅਤੇ ਖਿਡਾਰੀ ਮੌਜੂਦ ਸਨ।























