ਮਾਨਸਾ 11 ਦਸੰਬਰ (ਬਪਸ): ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ bਨਾ ਮਿਲਣ ਕਰਕੇ ਆਮ ਆਦਮੀ ਪਾਰਟੀ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਦੱਸਿਆ ਕਿ ਇਲਾਕੇ ਦੇ ਕਈ ਪਿੰਡਾਂ ਚ ਫਸਲਾਂ ਦਾ 100 ਫੀਸਦੀ ਨੁਕਸਾਨ ਹੋ ਜਾਣ ਨਾਲ ਕਿਸਾਨਾਂ ਨੂੰ ਕਾਫ਼ੀ ਆਰਥਿਕ ਨੁਕਸਾਨ ਝੱਲਣਾ ਪਿਆ ਸੀ।ਉਸ ਸਮੇਂ ਪ੍ਰਸ਼ਾਸਨ ਨੇ ਹੋਏ ਨੁਕਸਾਨ ਦੀ ਗਿਦਾਵਰੀ ਤਾਂ ਕਰਵਾ ਦਿੱਤੀ ਸੀ ਪਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਇਸ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਅਸੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਵੀ ਦਿੱਤਾ ਸੀ ਪਰ ਅਜੇ ਤੱਕ ਮੁਆਵਜ਼ਾ ਨਾ ਮਿਲਣ ਕਰਕੇ ਆਮ ਆਦਮੀ ਪਾਰਟੀ ਵੱਲੋ 12 ਦਸੰਬਰ ਨੂੰ ਸਰਦੂਲਗੜ੍ਹ ਘੱਗਰ ਦੇ ਪੁਲ ਉੱਪਰ ਧਰਨਾ ਲਗਾ ਕੇ ਮੁਆਵਜ਼ਾ ਦੇਣ ਦੀ ਮੰਗ ਕਰਨ ਦਾ ਐਲਾਨ ਕੀਤਾ ਹੈ। ਭੋਲਾ ਮਾਨ ਨੇ ਕਿਹਾ ਕਿ ਬੇਮੌਸਮੀ ਹੋਈ ਬਰਸਾਤ ਅਤੇ ਗੜੇਮਾਰੀ ਨਾਲ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ, ਪੇਰੋਂ, ਟਾਂਡੀਆਂ ਕੋਟਧਰਮੂ, ਭੰਮੇ ਕਲਾਂ, ਰਾਮਾਂ ਨੰਦੀ, ਬਾਜੇਵਾਲਾ,ਬਣਾਵਾਲੀ, ਬਹਿਣੀਵਾਲ ਆਦਿ ਵਿਖੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਚੁੱਕਿਆ ਹੈ। ਇਸ ਧਰਨੇ ਵਿੱਚ ਪੀੜਤ ਪਿੰਡਾਂ ਦੇ ਕਿਸਾਨ ਅਤੇ ਆਮ ਲੋਕ ਭਾਰੀ ਗਿਣਤੀ ਵਿਚ ਸ਼ਾਮਿਲ ਹੋਣਗੇ ਉਨ੍ਹਾਂ ਸਮੂਹ ਕਿਸਾਨ ਹਮਾਇਤੀ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਉਹ ਧਰਨੇ ਵਿੱਚ ਸ਼ਾਮਿਲ ਹੋ ਕੇ ਪੀੜਤ ਕਿਸਾਨਾਂ ਦਾ ਸਾਥ ਦੇਣ।