*ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ*

0
1

ਮਾਨਸਾ/ਸਰਦੂਲਗੜ੍ਹ, 24 ਮਾਰਚ  (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ (ਕਮਰਸ਼ੀਅਲ) ਵਰਤੋਂ ਨੂੰ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਫੂਡ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫੂਡ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਸਰਦੂਲਗੜ੍ਹ ਇਲਾਕੇ ਵਿੱਚ ਕੀਤੀ ਗਈ ਛਾਪਾਮਾਰੀ ਦੌਰਾਨ 13 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ, ਜੋ ਕਿ ਵਪਾਰਕ ਅਦਾਰਿਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਵਰਤੇ ਜਾ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਘਰੇਲੂ ਗੈਸ ਸਿਲੰਡਰ ਸਿਰਫ਼ ਰਸੋਈ ਦੀ ਵਰਤੋਂ ਲਈ ਰਿਆਇਤੀ ਦਰਾਂ ‘ਤੇ ਦਿੱਤੇ ਜਾਂਦੇ ਹਨ। ਇਹਨਾਂ ਦੀ ਵਰਤੋਂ ਹਲਵਾਈਆਂ, ਢਾਬਿਆਂ, ਰੈਸਟੋਰੈਂਟਾਂ ਜਾਂ ਹੋਰ ਵਪਾਰਕ ਥਾਵਾਂ ‘ਤੇ ਕਰਨਾ ਕਾਨੂੰਨੀ ਅਪਰਾਧ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਅਜਿਹੀ ਬੇਨਿਯਮੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਵਿਭਾਗੀ ਟੀਮਾਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਸਰਦੂਲਗੜ੍ਹ ਦੇ ਵੱਖ-ਵੱਖ ਬਾਜ਼ਾਰਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਅਚਨਚੇਤ ਚੈਕਿੰਗ ਕੀਤੀ ਅਤੇ ਜਾਂਚ ਪੜਤਾਲ ਦੌਰਾਨ ਮੌਕੇ ‘ਤੇ 13 ਘਰੇਲੂ ਸਿਲੰਡਰ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਤੁਰੰਤ ਜ਼ਬਤ ਕਰਕੇ ਸਬੰਧਤ ਧਿਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰੇਲੂ ਸਿਲੰਡਰਾਂ ਦੀ ਵਪਾਰਕ ਵਰਤੋਂ ਨਾ ਸਿਰਫ਼ ਆਰਥਿਕ ਅਪਰਾਧ ਹੈ, ਸਗੋਂ ਸੁਰੱਖਿਆ ਦੇ ਲਿਹਾਜ਼ ਨਾਲ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕਰਦਿਆਂ ਕਿਹਾ ਹੈ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਅਦਾਰੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰਨਾਂ ਕਸਬਿਆਂ ਵਿੱਚ ਵੀ ਚੈਕਿੰਗ ਮੁਹਿੰਮ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਵੱਲੋਂ
ਫੂਡ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗੈਸ ਏਜੰਸੀਆਂ ਦੇ ਸਟਾਕ ਅਤੇ ਡਿਲੀਵਰੀ ਪ੍ਰਣਾਲੀ ‘ਤੇ ਵੀ ਤਿੱਖੀ ਨਜ਼ਰ ਰੱਖਣ ਤਾਂ ਜੋ ਘਰੇਲੂ ਸਪਲਾਈ ਦੀ ਕਾਲਾਬਾਜ਼ਾਰੀ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here