

ਮਾਨਸਾ, 07 ਅਗਸਤ(ਸਾਰਾ ਯਹਾ,(ਬਲਜੀਤ ਸ਼ਰਮਾ) : ਪਾਣੀ ਦੀ ਇੱਕ ਇੱਕ ਬੂੰਦ ਬਚਾਉਣ ਲਈ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਦਿੱਲੀ ਦੀ ਟੀਮ ਇਸੇ ਹਫ਼ਤੇ ਮਾਨਸਾ ਵਿਖੇ ਆ ਰਹੀ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਜੋ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਸਬੰਧੀ ਰਿਪੋਰਟ ਭੇਜੀ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਕਿਹਾ ਕਿ ਵੱਧ ਤੋਂ ਵੱਧ ਸਕੂਲਾਂ ਵਿੱਚ ਸੋਕ ਪਿੱਟਸ ਬਣਾਏ ਜਾਣ ਅਤੇ ਬੱਚਿਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸਕੂਲਾਂ ਵਿੱਚ ਰੈਲੀਆਂ ਜਾਂ ਹੋਰ ਗਤੀਵਿਧੀਆਂ ਦਾ ਵੀ ਆਯੋਜਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦੀ ਸੰਭਾਲ ਲਈ ਸਰਕਾਰੀ ਥਾਂ ਉਪਰ ਰੀਚਾਰਜ ਬੋਰ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਨੂੰ ਜਲ ਸ਼ਕਤੀ ਅਭਿਆਨ ਤਹਿਤ ਜੋ ਕੰਮ ਸੌਂਪਿਆ ਗਿਆ ਹੈ, ਉਹ ਸਮਾਂ ਬੱਧ ਰਹਿ ਕੇ ਉਸ ਨੂੰ ਮੁਕੰਮਲ ਕਰਨ। ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ, ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪ ਲਗਾ ਕੇ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਸਬੰਧੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ, ਜਿਨ੍ਹਾਂ ਤੋਂ ਪਾਣੀ ਦੀ ਬੱਚਤ ਹੋ ਸਕੇ, ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਨੂੰ ਹਦਾਇਤ ਕੀਤੀ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਜ਼ਿਲਾ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।























