

ਮਾਨਸਾ, 08 ਅਕਤੂਬਰ (ਹੀਰਾ ਸਿੰਘ ਮਿੱਤਲ) : ਐਸ.ਐਸ.ਪੀ. ਮਾਨਸਾ ਸ੍ਰ. ਮਨਧੀਰ ਸਿੰਘ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ 32 ਸਾਲਾ ਨਸ਼ਾ ਤਸਕਰ ਜੋ ਕਿ ਪਿਛਲੇ 7-8 ਸਾਲਾਂ ਤੋਂ ਪਟਿਆਲਾ ਅਤੇ ਫਿਰ ਮਾਨਸਾ ਵਿੱਚ ਸਰਗਰਮ ਸੀ, ਨੂੰ 18 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਸ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਅਨਿਲ ਕੁਮਾਰ ਅਤੇ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਕਰਨਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਮਾਨਸਾ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੱਲੂਆਣਾ ਰੋਡ ਕੋਠੇ ਮੱਲੇਕੇ ਤੋਂ ਗਸ਼ਤ ਦੌਰਾਨ ਜਸਵੀਰ ਸਿੰਘ ਉਰਫ਼ ਘੁੰਗਰੂ ਵਾਸੀ ਬਾਹਮਣਵਾਲਾ ਜ਼ਿਲ੍ਹਾ ਫਤਿਹਾਬਾਦ (ਹਰਿਆਣਾ) ਹਾਲ ਕਚਿਹਰੀ ਰੋਡ ਗਲੀ ਨੰਬਰ 2 ਨੂੰ 18 ਗ੍ਰਾਮ ਹੈਰੋਇਨ (ਚਿੱਟਾ) ਸਣੇ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਬਾਹਰਲੇ ਰਾਜਾਂ ਤੋਂ ਨਸ਼ਾ ਲਿਆ ਕੇ ਮਾਨਸਾ ਵਿਖੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਨੂੰ ਕਾਬੂ ਕਰਕੇ ਜ਼ਿਲ੍ਹਾ ਪੁਲਿਸ ਨੇ ਬਾਹਰਲੇ ਰਾਜਾਂ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲੱਤ ਲਾਉਣ ਵਾਲੇ ਵਿਚਕਾਰ ਕੁਨੈਕਸ਼ਨ ਨੂੰ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਕਈ ਪਰਿਵਾਰਾਂ ਦੇ ਨੌਜਵਾਨ ਇਸ ਨਸ਼ੇ ਦੀ ਲਾਹਣਤ ਤੋਂ ਬਚੇ ਰਹਿਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ. ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖਿਲਾਫ਼ ਹਰਿਆਣਾ ਅਤੇ ਰਾਜਸਥਾਨ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਇਹ ਭਗੌੜਾ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਗੌੜਾ ਹੋਣ ਤੋਂ ਬਾਅਦ ਇਹ ਪਟਿਆਲਾ ਵਿਖੇ ਲੁੱਕ ਛਿੱਪ ਕੇ ਰਹਿ ਰਿਹਾ ਸੀ ਤੇ ਨਸ਼ੇ ਵੇਚਣ ਦਾ ਧੰਦਾ ਕਰਦਾ ਸੀ। ਇਸਨੇ ਗ੍ਰੈਜੂਏਸ਼ਨ ਕੀਤੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/65/85 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਐਸ.ਪੀ. ਸ਼੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਨਸ਼ੇ ਵੇਚਣ ਵਾਲੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ, ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।
EDITED BY : SARA YAHA | | Last Updated : 7:30 pm 08 October 2018























