*ਜ਼ਿਲ੍ਹਾ ਪ੍ਰਸ਼ਾਸਨ ਨੇ ਜਾਗਰੂਕਤਾ ਮਾਰਚ ਰਾਹੀਂ ਘਰ ਘਰ ਪਹੁੰਚ ਕਰਕੇ ਨਸ਼ਿਆਂ ਵਿਰੁੱਧ ਦਿੱਤਾ ਹੋਕਾ*

0
12

ਮਾਨਸਾ, 29 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ) : ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ ਜਿਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਦਲ ਮਾਰਚ ਰਾਹੀਂ ਘਰ ਘਰ ਪਹੁੰਚ ਕਰਕੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਖ਼ਿਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ ਗਿਆ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਨ ਸਮੂਹ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਪਿੰਡਾਂ ਦੇ ਪਹਿਰੇਦਾਰ ਬਣਕੇ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗੀ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਛਡਵਾਉਣ ਵਿਚ ਮਦਦ ਕਰਨੀ ਹੈ, ਉਨ੍ਹਾਂ ਦਾ ਇਲਾਜ ਕਰਵਾਉਣਾ ਹੈ ਅਤੇ ਨਸ਼ੇ ਦਾ ਵਪਾਰ ਕਰਨ ਵਾਲੇ ਵਿਅਕਤੀਆਂ ‘ਤੇ ਲਗਾਮ ਕੱਸਣੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੇ ਨਾਲ ਹੈ, ਲੋਕ ਜਦ ਚਾਹੁਣ ਜ਼ਿਲ੍ਹਾ ਪ੍ਰਸ਼ਾਸਨ ਤੱਕ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਪਹੁੰਚ ਕਰ ਸਕਦੇ ਹਨ।  
ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਸਰਗਰਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਦੀ ਜਾਣਕਾਰੀ ਬੇਝਿੱਜਕ, ਬਿਨ੍ਹਾਂ ਕਿਸੇ ਡਰ ਭੈਅ ਦੇ ਪੁਲਿਸ ਨੂੰ ਦੇ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਰੀ ਕੀਤੇ ਟੌਲ ਫਰੀ ਹੈਲਪਲਾਈਨ ਨੰਬਰ 9899100002 ਅਤੇ ਨਸ਼ਾ ਮੁਕਤੀ ਐਪ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਨਸ਼ੇ ਦੇ ਆਦੀ ਕਰੀਬ 03 ਹਜ਼ਾਰ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਹੁਣ ਤੱਕ ਨਸ਼ੇ ਦੀ ਸਪਲਾਈ ਕਰਨ ਵਾਲੇ 1200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
   ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜ਼ੋਨ ਦੇ ਇੰਚਾਰਜ ਸ਼੍ਰੀ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹੋਏ ਹਰੇਕ ਗ੍ਰਾਮ ਪੰਚਾਇਤ ਅਤੇ ਵਾਰਡ ਵਿੱਚ ਵੀਲੇਜ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਜਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦੀ ਸਹਾਇਤਾ ਕਰ ਰਹੀਆਂ ਹਨ।  ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਅੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ VDC/WDC ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਇਸ ਵਿਸ਼ੇਸ਼ ਮੁਹਿੰਮ ਵਿਚ ਆਖ਼ਰੀ ਦਮ ਤੱਕ ਲੜਾਈ ਲੜੀ ਜਾਵੇਗੀ ਅਤੇ ਇਸ ਕਦਰ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਕਿ ਲੋਕ ਘਰਾਂ ਚੋਂ ਨਿੱਕਲ ਕੇ ਨਸ਼ਿਆਂ ਖ਼ਿਲਾਫ਼ ਬੋਲਣ ਤੇ ਬੇਝਿੱਜਕ ਹੋ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੱਕ ਆਪਣੀ ਪਹੁੰਚ ਕਰਨ ਅਤੇ ਨਸ਼ੇ ਦੇ ਕੋਹੜ ਨੂੰ ਖ਼ਤਮ ਕੀਤਾ ਜਾ ਸਕੇ।
ਜਾਗਰੂਕਤਾ ਮਾਰਚ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਘਰ ਘਰ ਜਾ ਕੇ ਗੱਲਬਾਤ ਕੀਤੀ ਗਈ, ਜਾਗਰੂਕਤਾ ਪੈਂਫਲੇਟ ਵੰਡੇ ਗਏ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਐੱਸ.ਡੀ.ਐੱਮ. ਮਾਨਸਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫਰੀ, ਸਰਪੰਚ ਹਰਭਜਨ ਸਿੰਘ, ਬਹਾਦਰ ਸਿੰਘ ਤੋਂ ਇਲਾਵਾ ਪਿੰਡ ਦੀ ਸਮੂਹ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here