

ਫਗਵਾੜਾ 20 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਖੇੜਾ ਸਥਿਤ ਸਰਕਾਰੀ ਮਿਡਲ ਸਮਾਰਟ ਸਕੂਲ ‘ਚ ਵਿਦਿਅਕ ਸੈਸ਼ਨ 2025-26 ਦੇ ਲਈ ਵਿਦਿਆਰਥੀਆਂ ਦੇ ਦਾਖਲੇ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਉਹਨਾਂ ਨੇ ਵੱਧ ਤੋਂ ਵੱਧ ਵਿਦਿਆਰਥੀਆਂ ਦੇ ਸਕੂਲ ਵਿਚ ਦਾਖਲੇ ਪ੍ਰਤੀ ਆਮ ਲੋਕਾਂ ਨੂੰ ਜਾਗਰੁਕ ਕਰਨ ਲਈ ਇਕ ਆਟੋ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜੋਗਿੰਦਰ ਮਾਨ ਨੇ ਹਾਜਰੀਨ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਜੋਂ ਵਿਕਸਤ ਕਰਕੇ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਵੀ ਨਵੀਨੀਕਰਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ 252 ਸਕੂਲ ਪਿ੍ਰੰਸੀਪਲਾਂ ਅਤੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਜਾਰੀ ਕੀਤੇ ਹਨ। ਸਕੂਲ ਇੰਚਾਰਜ ਮਿੰਟੂ ਗੁਪਤਾ ਨੇ ਦੱਸਿਆ ਕਿ ਇਸ ਸਮਾਰਟ ਸਕੂਲ ਵਿਚ ਬੱਚਿਆਂ ਨੂੰ ਵਧੀਆਂ ਸਹੂਲਤਾਂ ਦੇ ਨਾਲ ਮਿਡ-ਡੇ-ਮੀਲ ਵੀ ਦਿੱਤੀ ਜਾ ਰਹੀ ਹੈ। ਸਰਕਾਰ ਵਲੋਂ ਕਿਤਾਬਾਂ ਅਤੇ ਵਰਦੀਆਂ ਫਰੀ ਦਿੱਤੀਆਂ ਜਾਂਦੀਆਂ ਹਨ। ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜੀਫੇ ਦੀ ਸਹੂਲਤ ਵੀ ਪੰਜਾਬ ਸਰਕਾਰ ਦੇ ਰਹੀ ਹੈ। ਉਹਨਾਂ ਸਮੂਹ ਮਾਪਿਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਇਸ ਸਰਕਾਰੀ ਸਕੂਲ ਵਿਚ ਦਾਖਲ ਕਰਵਾਉਣ ਤਾਂ ਜੋ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਉਹਨਾਂ ਦੇ ਬੱਚਿਆ ਨੂੰ ਪ੍ਰਾਪਤ ਹੋ ਸਕੇ। ਇਸ ਮੌਕੇ ਕੁਲਦੀਪ ਸਿੰਘ ਕਿਰਨਾ, ਗੁਰਬਖਸ਼ ਕੌਰ ਸਰਪੰਚ, ਵਰਿੰਦਰ ਸਿੰਘ ਕੰਬੋਜ, ਹਰਸਿਮਰਨ ਸਿੰਘ, ਹਰਜਿੰਦਰ ਸਿੰਘ, ਮੈਡਮ ਗੁਰਦੀਪ ਕੌਰ, ਇੰਦਰਜੀਤ ਸਿੰਘ, ਦਰਸ਼ਨ ਕੁਮਾਰੀ, ਨੇਹਾ, ਸੁਨੀਤਾ, ਸੁਮਿਤਾ, ਸੋਨੀਆ ਕਪੂਰ ਆਦਿ ਹਾਜਰ ਸਨ।























