

ਮਾਨਸਾ, 29 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਇਹ ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਕਈ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਕਈ ਹਾਦਸੇ ਵੀ ਵਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਦਾ ਖਤਰਾ ਹੁੰਦਾ ਹੈ। ਸੜ੍ਹਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਣ ਦੇ ਨਾਲ ਨਾਲ ਹਾਦਸਾ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿਚ ਬਹੁਤ ਜ਼ਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਜ਼ਰੂਰਤ ਜਾਪਦੀ ਹੈ।
ਇਹ ਹੁਕਮ 30 ਨਵੰਬਰ, 2025 ਤੱਕ ਲਾਗੂ ਰਹੇਗਾ























