

ਚੰਡੀਗੜ੍ਹ 17,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸੱਤਾਧਾਰੀ ਕਾਂਗਰਸ ‘ਚ ਬਗਾਵਤ ਵਧਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਸ ਸੀਟ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਹਨ। ਇੰਦਰ ਪ੍ਰਤਾਪ ਦਾ ਕਹਿਣਾ ਹੈ ਕਿ ਉਹ ਕਾਂਗਰਸ ਨੂੰ ਬਚਾਉਣ ਲਈ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸੀ ਪਰ ਪਾਰਟੀ ਨੇ ਸੇਫ ਖੇਡਦੇ ਹੋਏ ਮੌਜੂਦਾ ਵਿਧਾਇਕ ਨਵਤੇਜ ਸਿੰਘ ‘ਤੇ ਹੀ ਦਾਅ ਲਾਇਆ।
ਦਸ ਦਈਏ ਕਿ ਕਾਂਗਰਸ ਸਰਕਾਰ ‘ਚ ਮੰਤਰੀ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੋਂ ਵਿਧਾਨਸਭਾ ਚੋਣਾਂ ਲੜਦੇ ਹਨ। ਸੁਲਤਾਨਪੁਰ ਲੋਧੀ ਵਿਧਾਨ ਸਭਾ ਕਪੂਰਥਲਾ ਦੇ ਬੇਹੱਦ ਨੇੜੇ ਹੈ। ਇਸ ਲਈ ਇੰਦਰ ਸਿੰਘ ਇਸ ਸੀਟ ਤੋਂ ਟਿਕਟ ਮੰਗ ਰਹੇ ਹਨ।























