

ਮਾਨਸਾ, 29 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਭੀਖੀ ਅਤੇ ਭੈਣੀ ਬਾਘਾ ਦੀਆਂ ਮੰਡੀਆਂ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਕੋਲੋਂ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਫਸਲ ਸਰਕਾਰੀ ਨਿਯਮਾਂ ਅਨੁਸਾਰ ਖਰੀਦਣ ਯੋਗ ਹੈ ਉਨ੍ਹਾਂ ਦੀ ਬੋਲੀ ਸਮੇਂ ਸਿਰ ਕੀਤੀ ਜਾਵੇ ਅਤੇ ਖਰੀਦ ਕੀਤੀ ਫਸਲ ਦੀ ਮਿਥੇ ਸਮੇਂ ਅਨੁਸਾਰ ਲਿਫਟਿੰਗ ਕੀਤੀ ਜਾਵੇ।
ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਤਾਇਨਾਤ ਅਮਲੇ ਨਾਲ ਸਹਿਯੋਗ ਕਰਨ ਅਤੇ ਸੁੱਕੀ ਤੇ ਸਾਫ਼-ਸੁਥਰੀ ਕਣਕ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਫਸਲ ਦੀ ਬੋਲੀ ਕਰਵਾਈ ਜਾ ਸਕੇ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਨਵੀਂ ਫਸਲ ਆਉਣ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
ਮੰਡੀਆਂ ਵਿਚ ਆਮਦ ਹੋਈ ਕਣਕ ਅਤੇ ਉਸ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੱਲ੍ਹ ਸ਼ਾਮ ਤੱਕ 424425 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 400811 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ

ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਨੇ 140741, ਮਾਰਕਫੈਡ ਨੇ 110490, ਪਨਸਪ ਨੇ 41325, ਵੇਅਰ ਹਾਊਸ ਨੇ 39950, ਪੰਜਾਬ ਐਗਰੋ ਨੇ 49025, ਐਫ.ਸੀ.ਆਈ. ਨੇ 18025 ਅਤੇ ਪ੍ਰਾਈਵੇਟ ਵਪਾਰੀਆਂ ਨੇ 1255 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ।























