

ਮਾਨਸਾ, 29 ਸਤੰਬਰ (ਬਲਜੀਤ ਸ਼ਰਮਾ ) : 2 ਅਕਤੂਬਰ ਨੂੰ ਗਾਂਧੀ ਜਯੰਤੀ ਵਾਲੇ ਦਿਨ ਮਾਨਸਾ ਵਿਖੇ ਲੱਗਣ ਵਾਲੇ ਮੈਗਾ ਕੈਂਪ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ 1500 ਦੇ ਕਰੀਬ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 ਅਕਤੂਬਰ ਤੱਕ ਇਸ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਹਰੇਕ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਸਬੰਧੀ ਵੀ ਸਟਾਲਾਂ ਲਗਾਈਆਂ ਜਾਣਗੀਆਂ ਅਤੇ ਮੌਕੇ ‘ਤੇ ਹੀ ਫਾਰਮ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਲੋਕ ਸਰਕਾਰੀ ਸਕੀਮਾਂ ਦਾ ਲਾਹਾ ਲੈਣਾ ਚਾਹੁੰਦੇ ਹਨ, ਉਹ ਆਪਣੇ ਦਸਤਾਵੇਜ ਆਪਣੇ ਨਾਲ ਲੈ ਕੇ ਆਉਣ।
ਉਨ੍ਹਾਂ ਦੱਸਿਆ ਕਿ ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਸਬ-ਡਵੀਜਨ ਪੱਧਰ ‘ਤੇ ਵੀ ਇਹ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਦੌਰਾਨ ਆਪਣੀ ਮੈਡੀਕਲ ਟੀਮ ਤਿਆਰ ਰੱਖਣਗੇ ਅਤੇ ਅੰਗਹੀਣਾਂ ਦੀ ਸਹੂਲਤ ਲਈ ਉਚੇਚੇ ਤੌਰ ‘ਤੇ ਵੀਲ੍ਹ ਚੇਅਰ ਦਾ ਪ੍ਰਬੰਧ ਵੀ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਵਣ ਵਿਭਾਗ ਨੂੰ ਕਿਹਾ ਕਿ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਬੂਟੇ ਵੀ ਵੰਡੇ ਜਾਣ ਤਾਂ ਜੋ ਜ਼ਿਲ੍ਹੇ ਦੀ ਹਰਿਆਵਲ ਮੁਹਿੰਮ ਨੂੰ ਹੋਰ ਹੁੰਗਾਰਾ ਮਿਲ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਿਸ਼ਿਸ਼ਟ ਅਤੇ ਜ਼ਿਲ੍ਹਾ ਹੈਲਥ ਅਫ਼ਸਰ ਡਾ. ਮਨੋਹਰ ਲਾਲ ਮੌਜੂਦ ਸਨ।
EDITED BY : SARA YAHA | | Last Updated : 6:42 pm 29 September 2018






















