

ਮਾਨਸਾ 4 ਜੂਨ (ਹੀਰਾ ਸਿੰਘ ਮਿੱਤਲ ) : ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬਲਵਿੰਦਰ ਧਾਲੀਵਾਲ ਨੇ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਮਨਾਏ ਜਾ ਰਹੇ ਤੰਦਰੁਸਤ ਪੰਜਾਬ ਸਮਾਰੋਹ ਸਬੰਧੀ ਅਗੇਤੇ ਪ੍ਰਬੰਧਾ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਇਸ ਸਬੰਧੀ ਬੋਲਦਿਆਂ ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਣਗੇ ।
ਇਸ ਮੌਕੇ ਬੋਲਦਿਆਂ ਸ਼੍ਰੀ ਧਾਲੀਵਾਲ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵਾਤਾਵਰਨ ਸਬੰਧੀ ਜਾਣਕਾਰੀ ਦੇਣਾ ਹੈ ਅਤੇ ਇਸ ਨੂੰ ਬਚਾਉਣ ਦੇ ਉਪਰਾਲਿਆਂ ਬਾਰੇ ਵੀ ਜਾਣੂ ਕਰਵਾਉਣਾ ਹੈ।
ਉਨਾਂ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਵਿਸ਼ਵ ਦੇ ਕੋਨੇ ਕੋਨੇ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਇਸ ਵਾਰ ਇਸ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ ।
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ 5 ਜੂਨ ਦੇ ਪ੍ਰੋਗਰਾਮ ਸਬੰਧੀ ਡਿਉਟੀਆਂ ਲਗਾਉਣ ਤੋਂ ਇਲਾਵਾ ਉਹਨਾਂ ਨੂੰ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਵਾਉਣ ਬਾਰੇ ਵੀ ਜ਼ੋਰ ਦਿੱਤਾ ਗਿਆ । ਵਾਤਾਵਰਨ ਨੂੰ ਪ੍ਰਦੂਸ਼ਨ ਮੁਕਤ ਕਰਨ ਲਈ ਸ੍ਰੀ ਧਾਲੀਵਾਲ ਨੇ ਕਿਹਾ ਕਿ ਜ੍ਹਿਲੇ ਦੇ ਸਾਰੇ 9 ਪ੍ਰਦੂਸ਼ਨ ਚੈੱਕ ਸੈਂਟਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਹ ਸੁਨਿਸ਼ਚਿਤ ਕੀਤਾ ਜਾੇ ਕਿ ਉਹ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ।
ਸ਼੍ਰੀ ਧਾਲੀਵਾਲ ਨੇ ਇਹ ਗੱਲ ਜ਼ੋਦੇ ਕੇ ਆਖੀ ਕਿ ਵਾਤਾਵਰਨ ਪ੍ਰਤੀ ਲੋਕਾਂ ਦਾ ਮੋਹ ਵਧਾਉਣ ਲਈ ਹਰ ਰੋਜ਼ ਪ੍ਰੇਰਿਆ ਜਾਵੇ ਅਤੇ ਇਸ ਦੇ ਨਾਲ ਲੋਕਾਂ ਨੂੰ ਪਲਾਸਟਿਕ ਦੇ ਇਸਤੇਮਾਲ ਨੂੰ ਘੱਟ ਤੋਂ ਘੱਟ ਕਰਨ ਤੇ ਵੀ ਜ਼ੋਦਿੱਤਾ । ਉਹਨਾਂ ਦੱਸਿਆ ਕਿ ਪਲਾਸਟਿਕ ਦੇ ਸਾਮਾਨ ਦੇ ਨਾਲ ਕਈ ਤਰਾਂ ਦੇ ਨੁਕਸਾਨ ਹੁੰਦੇ ਹਨ, ਅਤੇ ਸਾਨੂੰ ਸਾਰੇਆਂ ਨੂੰ ਰਲ ਕੇ ਪਲਾਸਟਿਕ ਦੇ ਸਾਮਾਨ ਦੀ ਵਰਤੋ ਤੇ ਰੋਕ ਲਗਾਉਣ ਦੀ ਜ਼ਰੂਰਤ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਤੰਦਰੁਸਤ ਪੰਜਾਬ ਮਿਸ਼ਨ ਵਿਚ ਸਿਹਤ ਵਿਭਾਗ ਦੇ ਯੋਗਦਾਨ ਬਾਰੇ ਜਾਣਕਾਰੀ ਹਾਸਲ ਕੀਤੀ।
ਸਿਵਲ ਸਰਜਨ ਸ੍ਰੀ ਅਨੂਪ ਕੁਮਾਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੇ ਬਲੱਡ ਪ੍ਰੈਸ਼ਰ ਚੈੱਕ ਕਰਨ ਦੀ ਖਾਸ ਮੁਹਿੰਮ ਵਿੱਢੀ ਗਈ ਹੈ। ਇਸ ਮੁਿਹੰਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਬਲੱਡ ਪ੍ਰੈਸ਼ਰ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਹੋਰ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਸੈਨੀਟੇਸ਼ਨ ਵਿਭਾਗ, ਮਿਊਂਸਿਪਲ ਕੌਂਸਲ, ਜੰਗਲਾਤ ਵਿਭਾਗ, ਖੇਤੀਬਾੜੀ ਵਿਭਾਗ, ਅਤੇ ਹੋਰ ਸਾਰੇ ਵਿਭਾਗਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਵਿਚ ਵਧ ਚੜ੍ਹ ਕੇ ਯੋਗਦਾਨ ਪਾਉਣ ਲਈ ਕਿਹਾ ਗਿਆ।
ਇਸ ਮੌਕੇ ਏ.ਡੀ.ਸੀ (ਡੀ) ਸ੍ਰੀ ਗੁਰਮੀਤ ਸਿੰਘ ਸਿੱਧੂ, ਜੀ.ਏ. ਸ੍ਰੀ ਓਮ ਪ੍ਰਕਾਸ਼, ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਮੌਜੂਦ ਸਨ।
EDITED BY : SARA YAHA | | Last Updated 4 June 2018






















