ਢੀਂਡਸਾ ਨੇ ਫੋਲ੍ਹੇ ਬਾਦਲਾਂ ਦੇ ਪੋਤੜੇ, ਆਖਰ ਕੀ ਹੈ ਬਹਿਬਲ ਕਾਂਡ ਦਾ ਸੱਚ?

0
99

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਤਰ ਮੋਹ ਕਰਕੇ ਘੇਸਲ ਵੱਟੀ ਰੱਖੀ ਹੈ।

ਅਕਾਲੀ ਦਲ ਨੂੰ ਮੁੜ ਲੀਹ ‘ਤੇ ਲਿਆਉਣ ਲਈ ਮੈਦਾਨ ਵਿੱਚ ਨਿੱਤਰੇ ਢੀਂਡਸਾ ਨੇ ਭਵਿੱਖ ’ਚ ਚੋਣਾਂ ਨਾ ਲੜਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਹਮਖ਼ਿਆਲੀ ਅਕਾਲੀ ਦਲ ਟਕਸਾਲੀ, ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਸਾਂਝਾ ਫਰੰਟ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦਾ ਮੁੱਖ ਮੁਕਸਦ ਚੰਗੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਲਿਆਉਣਾ ਹੈ।

ਢੀਂਡਸਾ ਨੇ ਕਿਹਾ ਕਿ ਬਹਿਬਲ ਕਾਂਡ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਮੌਕੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਦਲਣ ਦੀ ਗੱਲ ਆਖੀ ਸੀ ਪਰ ਛੋਟੇ ਬਾਦਲ ਤੇ ਭੂੰਦੜ ਨੇ ਸੀਨੀਅਰ ਪੱਤਰਕਾਰ ਦੀ ਹਾਜ਼ਰੀ ’ਚ ਪੁਲਿਸ ’ਚ ਬਗਾਵਤ ਹੋਣ ਦੀ ਗੱਲ ਆਖ ਕੇ ਸਲਾਹ ਟਾਲ ਦਿੱਤੀ।

ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪਾਰਟੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਕੀਤੀਆਂ ਗਲਤੀਆਂ ਦਾ ਕਦੇ ਮੰਥਨ ਨਹੀਂ ਕੀਤਾ। ਹੁਣ ਅਕਾਲੀ ਦਲ ’ਚ ਲੋਕਤੰਤਰ ਦੀ ਥਾਂ ਤਾਨਾਸ਼ਾਹੀ ਭਾਰੂ ਹੈ। ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਤੇ ਹਰਸਿਮਰਤ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ।

LEAVE A REPLY

Please enter your comment!
Please enter your name here