

ਮਾਨਸਾ, 12 ਅਪ੍ਰੈਲ (ਹੀਰਾ ਸਿੰਘ ਮਿੱਤਲ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ, ਤਕਨੀਕੀ ਸਿੱਖਿਆ ਸੰਸਥਾਵਾਂ, ਡਿਪਟੀ ਕਮਿਸ਼ਨਰ ਦਫ਼ਤਰ, ਸਰਕਾਰੀ ਹਸਪਤਾਲਾਂ, ਉਪ ਮੰਡਲ ਪੱਧਰ ਦੇ ਦਫਤਰਾਂ, ਪੰਚਾਇਤ ਘਰਾਂ ਅਤੇ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਵਿੱਚ ਦਿਵਯਾਂਗ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਉਨ੍ਹਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਬੋਰਡ ਲਗਵਾਏ ਜਾਣ।
ਡਿਪਟੀ ਕਮਿਸ਼ਨਰ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਬੋਰਡਾਂ ਵਿੱਚ ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲਟੀ ਐਕਟ 2016 ‘ਚ ਦਰਜ ਹੱਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਬੋਰਡਾਂ ਨੂੰ ਪੜ੍ਹ ਕੇ ਆਪਣੇ ਹੱਕਾਂ ਤੋਂ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਇਸ ਐਕਟ ਵਿੱਚ ਦਿਵਯਾਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਭਲਾਈ ਲਈ ਵੱਖ-ਵੱਖ ਸੁਵਿਧਾਵਾਂ ਅਤੇ ਵਿਵਸਥਾਵਾਂ ਦਾ ਉਪਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਐਕਟ ਅਨੁਸਾਰ 6 ਤੋਂ 18 ਸਾਲ ਦੀ ਉਮਰ ਤੱਕ ਦੇ ਹਰ ਦਿਵਯਾਂਗ ਬੱਚੇ ਨੂੰ ਸਰਕਾਰੀ ਸਕੂਲਾਂ ਜਾਂ ਸਪੈਸ਼ਲ ਸਕੂਲਾਂ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਾਖਲੇ ਅਤੇ ਮੁਫ਼ਤ ਸਿੱਖਿਆ ਦਾ ਅਧਿਕਾਰ ਹੈ। ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਦਿਵਯਾਂਗ ਬੱਚਿਆਂ ਲਈ 5 ਫੀਸਦੀ ਸੀਟਾਂ ਰਾਖਵੀਆਂ ਹਨ ਅਤੇ ਦਾਖਲੇ ਲਈ ਉਪਰਲੀ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਹੈ। ਇਸ ਤੋਂ ਇਲਾਵਾ ਖੇਡਾਂ ਅਤੇ ਮੰਨੋਰੰਜਨ ਕਿਰਿਆਵਾਂ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਤੋ ਭਾਗ ਲੈਣ ਦੀ ਸੁਵਿਧਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੋੜ ਅਨੁਸਾਰ ਸਫਰ ਸਹੂਲਤਾਂ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਹੈ। ਸਰਕਾਰੀ ਬੱਸਾਂ ਵਿੱਚ ਦੇਖਣ ਤੋਂ ਅਸਮਰੱਥਾਂ ਨੂੰ ਸਫਰੀ ਭੱਤੇ ਵਿੱਚ 100 ਫੀਸਦੀ ਅਤੇ ਬਾਕੀ ਦਿਵਯਾਂਗ ਵਿਦਿਆਥੀਆਂ ਨੂੰ 50 ਫੀਸਦੀ ਛੋਟ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਣਨ, ਬੋਲਣ ਜਾਂ ਦੇਖਣ ਤੋਂ ਅਸਮਰੱਥ ਵਿਦਿਆਰਥੀਆਂ ਨੂੰ ਉਚਿੱਤ ਭਾਸ਼ਾ ਅਤੇ ਸੰਚਾਰ ਦੇ ਸਹੀ ਮਾਧਿਅਮ ਰਾਹੀਂ ਪੜਾਉਣ ਦਾ ਉਪਬੰਧ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਤੱਕ ਉਨ੍ਹਾਂ ਦੀ ਪੜਾਈ ਲਈ ਮੁਫ਼ਤ ਸਿੱਖਣ ਸਮੱਗਰੀ, ਵਿਸ਼ੇਸ਼ ਸਿੱਖਿਅਕ, ਵਜੀਫੇ ਦੀ ਸਹੂਲਤ ਅਤੇ ਸਹਾਈ ਯਤਰ ਦੀ ਸੁਵਿਧਾ ਹੈ। ਇਸ ਤੋਂ ਇਲਾਵਾ ਇਮਤਿਹਾਨ ਦੇਣ ਸਮੇਂ ਸਾਰੇ ਦਿਵਯਾਂਗ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤਾਂ ਜਿਵੇਂ ਵਾਧੂ ਸਮਾਂ, ਦੂਜੀ ਜਾਂ ਤੀਜੀ ਭਾਸ਼ਾ ਵਿੱਚ ਛੋਟ ਅਤੇ ਮੁਫ਼ਤ ਲਿਖਾਰੀ ਦੀ ਸੁਵਿਧਾ ਹੈ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਸਤੀਸ਼ ਕਪੂਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਭਾਸ਼ ਚੰਦਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।






















