ਦ੍ਰਿੜ ਇੱਛਾ ਸ਼ਕਤੀ ਨਾਲ ਕੋਈ ਵੀ ਮੰਜਿਲ ਸਰ ਕੀਤੀ ਜਾ ਸਕਦੀ ਹੈ : ਡਿਪਟੀ ਕਮਿਸ਼ਨਰ

0
24

ਮਾਨਸਾ, 14 ਮਈ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆ ਵਿੱਚ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਣ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਣਥੱਕ ਮਿਹਨਤ, ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਸਦਕਾ ਮਾਨਸਾ ਜ਼ਿਲ੍ਹਾ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਪੂਰੇ ਸੂਬੇ ਵਿੱਚੋਂ ਦੂਜੇ ਨੰਬਰ ‘ਤੇ ਆਇਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਖੁਸ਼ੀ ਅਤੇ ਗਰਵ ਮਹਿਸੂਸ ਕਰਦਿਆਂ ਕਿਹਾ ਕਿ ਜਿਲ੍ਹਾ ਮਾਨਸਾ ਹਰੇਕ ਖੇਤਰ ਵਿੱਚ, ਚਾਹੇ ਉਹ ਸਿੱਖਿਆ ਦਾ ਖੇਤਰ ਹੋਵੇ, ਖੇਡਾਂ ਦਾ ਖੇਤਰ ਹੋਵੇ ਜਾਂ ਵੋਟਾਂ ਦੀ ਵੱਧ ਪ੍ਰਤੀਸ਼ਤਤਾ ਹੋਵੇ, ਲਗਾਤਾਰ ਮੋਹਰੀ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ ਕਿ ਉਹ ਅਜਿਹੇ ਜ਼ਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ 10ਵੀਂ ਅਤੇ 12ਵੀਂ ਵਿੱਚ ਮੈਰਿਟ ‘ਚ ਥਾਂ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਉਹ ਖੁਦ ਵੀ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੈਰਿਟ ਵਿੱਚ ਆਏ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਇੱਛਾ ਸ਼ਕਤੀ ਮਜ਼ਬੂਤ ਹੋਵੇ ਅਤੇ ਦ੍ਰਿੜ ਨਿਸ਼ਚਾ ਕਰ ਲਿਆ ਜਾਵੇ, ਤਾਂ ਅਜਿਹੀ ਕੋਈ ਵੀ ਮੰਜਿਲ ਨਹੀਂ, ਜੋ ਕਿ ਸਰ ਨਾ ਕੀਤੀ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਵੀ ਵਿਦਿਆਰਥੀ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ ਸੀ ਅਤੇ ਇਸ ਗੱਲ ਤੋਂ ਹੋਰ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਵੀ ਅਧਿਕਾਰੀ ਬਣਨ ਦਾ ਸੁਪਨਾ ਦੇਖਿਆ ਸੀ ਅਤੇ ਉਸ ਨਿਸ਼ਚੇ ਨੂੰ ਮੁਹਰੇ ਰੱਖ ਕੇ ਆਪਣੀ ਪੜ੍ਹਾਈ ਵੱਲ ਮਿਹਨਤ ਨੂੰ ਹੋਰ ਵਧੀਆ ਢੰਗ ਨਾਲ ਕੀਤਾ। ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਸਲਾਨਾ ਸਮਾਰੋਹ ਅਤੇ ਸਪੋਰਟਸ ਮੀਟ ਵੀ ਜ਼ਰੂਰ ਕਰਵਾਈਆਂ ਜਾਣ ਕਿਉਂਕਿ ਇਨ੍ਹਾਂ ਚੀਜ਼ਾਂ ਨਾਲ ਵੀ ਬੱਚਿਆਂ ਵਿੱਚ ਆਤਮ-ਵਿਸ਼ਵਾਸ ਵੱਧਦਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਇਸ ਵਾਰ 10ਵੀਂ ਵਿੱਚ 91.17 ਫੀਸਦੀ ਅਤੇ 12ਵੀਂ ਵਿੱਚ 92.27 ਫੀਸਦੀ ਅੰਕਾਂ ਨਾਲ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਵਿੱਚੋਂ 9 ਵਿਦਿਆਰਥੀਆਂ ਅਰਸ਼ਦੀਪ ਕੌਰ, ਲਬਜੋਤ ਕੌਰ, ਬਿਕਰਮਜੀਤ ਕੌਰ, ਮੁਸਕਾਨ ਰਾਣੀ, ਰਮਨਦੀਪ ਕੌਰ, ਕਮਲਪ੍ਰੀਤ ਕੌਰ, ਕਿਰਨਦੀਪ ਕੌਰ, ਸਲੋਨੀ ਗਰਗ ਅਤੇ ਕੋਮਲ ਨੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 12ਵੀਂ ਦੇ ਨਤੀਜਿਆਂ ਵਿੱਚ ਮੁਸਕਾਨ ਅਰੋੜਾ, ਰੁਪਿੰਦਰ ਕੌਰ, ਦੀਕਸ਼ਾ ਸਿੰਗਲਾ, ਕਪਿਲ ਗਰਗ ਅਤੇ ਅਮਨਦੀਪ ਕੌਰ ਨੇ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।   

ਕਰਵਾਏ ਗਏ ਇਸ ਸਨਮਾਨ ਸਮਾਰੋਹ ਮੌਕੇ ਸਕੱਤਰ ਸਿੱਖਿਆ ਵਿਭਾਗ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਭਾਸ਼ ਚੰਦਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਗਰੂਪ ਭਾਰਤੀ ਨੂੰ ਭੇਜਿਆ ਪ੍ਰਸ਼ੰਸ਼ਾ ਪੱਤਰ ਡਿਪਟੀ ਕਮਿਸ਼ਨਰ ਨੇ ਦੋਵੇਂ ਅਧਿਕਾੀਆਂ ਨੂੰ ਸੌਂਪਿਆ। ਇਸ ਤੋਂ ਇਲਾਵਾ 10ਵੀਂ ਜਮਾਤ ਵਿੱਚ 100 ਫੀਸਦੀ ਨਤੀਜਾ ਲਿਆਉਣ ਵਾਲੇ 38 ਅਤੇ 12ਵੀਂ ਜਮਾਤ ਵਿੱਚ 100 ਫੀਸਦੀ ਨਤੀਜਾ ਲਿਆਉਣ ਵਾਲੇ 29 ਸਕੂਲਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਮੈਂਟਰਾਂ ਸ਼੍ਰੀ ਬਲਜਿੰਦਰ ਜੌੜਕੀਆਂ (ਅੰਗਰੇਜ਼ੀ ਤੇ ਐਸ.ਐਸ.), ਸ਼੍ਰੀ ਰੁਪਿੰਦਰ ਸਿੰਘ (ਗਣਿਤ ਤੇ ਪੰਜਾਬੀ) ਅਤੇ ਤਰਸੇਮ ਸਿੰਘ (ਵਿਗਿਆਨ ਤੇ ਹਿੰਦੀ) ਨੂੰ ਵੀ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਢੱਚਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀਮਤੀ ਰਾਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀ ਰਾਮਜੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਅਤੇ ਸ਼੍ਰੀ ਨਰਿੰਦਰ ਸਿੰਘ ਮੋਹਲ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।

LEAVE A REPLY

Please enter your comment!
Please enter your name here