

ਮਾਨਸਾ, 23 ਜੁਲਾਈ (ਬਲਜੀਤ ਸ਼ਰਮਾ ): ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਅਤੇ ਐਸ.ਐਸ.ਪੀ ਸ੍ਰੀ ਮਨਧੀਰ ਸਿੰਘ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਨਸ਼ਿਆ ਦੇ ਮੁਕੰਮਲ ਖ਼ਾਤਮੇ ਨੂੰ ਲੈ ਕੇ ਇਕ ਮੀਟਿੰਗ ਕੀਤੀ, ਜਿਸ ਵਿਚ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਮੋਨੀਟਰਿੰਗ ਕਮੇਟੀ ਦੇ ਮੈਂਬਰ ਸ਼ਾਮਲ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਛੱਡਣ ਲਈ ਸਭ ਤੋਂ ਪਹਿਲਾਂ ਨਸ਼ਾ ਕਰਨ ਵਾਲੇ ਵਿਅਕਤੀ ਦੀ ਸਵੈ-ਇੱਛਾ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਉਣ ਲਈ ਕਿਸੇ ਤਰਾਂ ਦੀ ਵੀ ਜ਼ਬਰਦਸਤੀ ਨਾ ਕੀਤੀ ਜਾਵੇ ਬਲਕਿ ਉਸ ਨੂੰ ਨਸ਼ੇਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਉਸ ਦੀ ਆਦਤ ਨੂੰ ਛੁਡਵਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਤਾਮਕੋਟ ਪਿੰਡ ਦੀਆਂ ਔਰਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਵੀ ਹੋਰਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਡਿਊਟੀ ਨਹੀਂ ਬਲਕਿ ਇਕ ਮਿਸ਼ਨ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਮਿਸ਼ਨ ਨੂੰ ਕਾਮਯਾਬ ਕਰਨ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ 25 ਜੁਲਾਈ ਤੱਕ ਮੋਨੀਟਰਿੰਗ ਕਮੇਟੀ ਦੁਆਰਾ ਸਾਰੇ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਬਿਨਾਂ ਕਿਸੇ ਧਮਕੀ ਅਤੇ ਜ਼ਬਰਦਸਤੀ ਦੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਵਧੀਆ ਕੰਮ ਕਰਨ ਵਾਲੇ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਐਸ.ਐਸ.ਪੀ ਸ੍ਰੀ ਮਨਧੀਰ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਤੇ ਲਗਾਮ ਕਸੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਬਾਰੇ ਬੇਜਿਝਕ ਸੂਚਨਾ ਦੇਣ ਤਾਂ ਜੋ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ।
ਇਸ ਮੌਕੇ ਐਸ.ਡੀ.ਐਮ ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਸਿਵਲ ਸਰਜਨ ਸ੍ਰੀ ਲਾਲ ਚੰਦ ਠੁਕਰਾਲ ਤੋਂ ਇਲਾਵਾ ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
EDITED BY : SARA YAHA | | Last Updated : 7:00 pm 23 JULY 2018






















