*ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਨੇ ਕੀਤੀਆਂ ਮੀਟਿੰਗਾਂ*

0
23
????????????

ਮਾਨਸਾ, 23 ਮਈ (ਸਾਰਾ ਯਹਾਂ/ਜੋਨੀ ਜਿੰਦਲ)

            ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਰ ਪਿੰਡ ਵਿੱਚ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਆਪਣਾ ਯੋਗਦਾਨ ਪਾ ਰਹੇ ਹਨ। ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਵਿਧਾਇਕਾਂ ਵੱਲੋਂ ਰੋਜ਼ਾਨਾ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਲੋਕਾਂ ਨਾਲ ਮੀਟਿੰਗਾਂ ਕਰਕੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਅਪੀਲ ਕੀਤੀ ਜਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੇ ਮਕੜ ਜਾਲ ਤੋਂ ਬਾਹਰ ਕੱਢ ਕੇ ਤੰਦਰੁਸਤ ਜੀਵਨ ਜਿਓਣ ਲਈ ਪ੍ਰੇਰਿਆ ਜਾ ਸਕੇ। ਵਿਧਾਇਕਾਂ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡਾਂ ਬੁਢਲਾਡਾ ਹਲਕਾ ਵਿਖੇ ਬੋੜਾਵਾਲ, ਗੁੜੱਦੀ, ਖੀਵਾ ਮੀਹਾਂ ਸਿੰਘ ਵਾਲਾ, ਹਲਕਾ ਮਾਨਸਾ ਵਿਖੇ ਮਾਨਬੀਬੜੀਆਂ, ਅਸਪਾਲ, ਅਸਪਾਲ ਕੋਠੇ ਅਤੇ ਸਰਦੂਲਗੜ੍ਹ ਵਿਖੇ ਕੋਟ ਧਰਮੂ ਅਤੇ ਭੰਮੇ ਕਲਾਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ।

            ਇਸ ਦੌਰਾਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੋੜਾਵਾਲ, ਗੁੱੜਦੀ ਅਤੇ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਨਸ਼ਾ ਮੁਕਤੀ ਯਾਤਰਾ ਦਾ ਮੰਤਵ ਨਸ਼ਿਆਂ ਦਾ ਖਾਤਮਾ ਕਰਨਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ, ਤਾਂ ਜੋ ਉਹ ਸੂਬੇ ਦੀ ਨੌਜਵਾਨੀ ਨੂੰ ਬਰਬਾਦ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹਨ, ਉਨ੍ਹਾਂ ਨੂੰ ਬਿਹਤਰ ਇਲਾਜ਼ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ।

             ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕਾ ਮਾਨਸਾ ਦੇ ਪਿੰਡਾਂ ਮਾਨਬੀਬੜੀਆਂ, ਅਸਪਾਲ ਅਤੇ ਅਸਪਾਲ ਕੋਠੇ ਵਿਖੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਖੁਦ ਵੀ ਦੂਰ ਰਹਿ ਕੇ ਹੋਰ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਕਰਨ ਵਾਲਿਆਂ ਦਾ ਵਧੀਆ ਇਲਾਜ ਕਰਵਾ ਰਹੀ ਹੈ ਤਾਂ ਜੋ ਉਹ ਬਿਹਤਰ ਸਮਾਜ ਦਾ ਹਿੱਸਾ ਬਣ ਕੇ ਆਪਣੀ ਜ਼ਿੰਦਗੀ ਨੂੰ ਵਧੀਆ ਢੰਗ ਨਾ ਜੀ ਸਕਣ।

            ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕੋਟ ਧਰਮੂ ਅਤੇ ਭੰਮੇ ਕਲਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਜਿੱਥੇ ਨੌਜਵਾਨਾਂ ਦੇ ਭਵਿੱਖ ਨੂੰ ਖਰਾਬ ਕਰਦਾ ਹੈ, ਉਥੇ ਹੀ ਨਸ਼ਾ ਕਰਨ ਵਾਲੇ ਦੇ ਵਿਅਕਤੀ ਦਾ ਘਰ ਤਬਾਹ ਘਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਨਸ਼ਿਆਂ ਦਾ ਆਦੀ ਵਿਅਕਤੀ ਮਿਲਦਾ ਹੈ, ਤਾਂ ਉਸਦਾ ਇਲਾਜ਼ ਕਰਵਾਉਣ ਲਈ ਉਸਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਸਾਰਿਆਂ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

            ਇਸ ਦੌਰਾਨ ਵਿਧਾਇਕਾਂ ਵੱਲੋਂ ਲੋਕਾਂ ਨੂੰ ਆਪਣੇ ਪਿੰਡਾਂ ਚ ਨਸ਼ਾ ਨਾ ਵਿਕਣ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਸਬੰਧੀ ਸਹੁੰ ਚੁੱਕਵਾਈ ਗਈ।

LEAVE A REPLY

Please enter your comment!
Please enter your name here