

ਮਾਨਸਾ, 06 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਪਿੰਡ ਮੰਘਾਣੀਆਂ, ਜੀਵਨ ਨਗਰ, ਦਸ਼ਮੇਸ਼ ਨਗਰ, ਝੱਲਬੁੱਟੀ ਅਤੇ ਆਂਡਿਆਂਵਾਲੀ ਵਿਖੇ ਜਾਗਰੂਕਤਾ ਸਭਾਵਾਂ ਕੀਤੀਆਂ ।
ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਜਾਂ ਸੂਬੇ ਦਾ ਭਵਿੱਖ ਹੁੰਦੇ ਹਨ ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਆਵਾਜ ਬੁਲੰਦ ਕਰਨੀ ਚਾਹੀਦੀ ਹੈ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਇਸ ਬੁਰੀ ਆਦਤ ਦਾ ਸ਼ਿਕਾਰ ਹੋ ਚੁੱਕੇ ਹਨ ਉਨ੍ਹਾਂ ਨੂੰ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿੱਢੀ ਇਸ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨੌਜਵਾਨਾਂ ਦੇ ਸਹਿਯੋਗ ਦੀ ਪੂਰਣ ਲੋੜ ਹੈ। ਤਾਂ ਹੀ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਸਮਾਜ ਨੂੰ ਮੁਕਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿੱਖਿਆ ਵੱਲ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ੇ ਖ਼ਿਲਾਫ਼ ਲੜਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਨਸ਼ਾ ਤਸਕਰਾਂ ਦਾ ਕਿਸੇ ਵੀ ਤਰ੍ਹਾਂ ਦਾ ਸਾਥ ਨਾ ਦੇਣ ਸਬੰਧੀ ਸਹੁੰ ਵੀ ਚੁਕਵਾਈ।























