ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਹੀ ਵਾਹਿਆ ਜਾਵੇ: ਡਾ: ਚਹਿਲ

0
18

ਮਾਨਸਾ, 30 ਅਕਤੂਬਰ(ਸਾਰਾ ਯਹਾ,ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ, ਮਾਨਸਾ ਸ੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਪਿੰਡ ਮੌਜੀਆ ਵਿਖੇ ਪਰਾਲੀ ਦੀ ਸਾਭ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ।
    ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ: ਚਹਿਲ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜਮੀਨ ਵਿੱਚ ਹੀ ਵਾਹੁਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਂਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉੱਥੇ ਹੀ ਜੇਕਰ ਪਰਾਲੀ ਨੂੰ ਜਮੀਨ ਦੇ ਵਿੱਚ ਹੀ ਵਾਹਿਆ ਜਾਵੇ ਤਾਂ ਮਿੱਟੀ ਵਿੱਚ ਜੈਵਿਕ ਮਾਦਾ ਵੱਧਦਾ ਹੈ ਅਤੇ ਮਿੱਟੀ ਦੀ ਸਿਹਤ ਬਣਦੀ ਹੈ ਜੋ ਕਿ ਆਉਣ ਵਾਲੀਆਂ ਫਸਲਾਂ ਲਈ ਬਹੁਤ ਲਾਭਦਾਇਕ ਸਿੱਧ ਹੁੰਦੀ ਹੈ। ਡਾ: ਪ੍ਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਵਢਾਈ ਐਸ.ਐਮ.ਐਸ. ਵਾਲੀ ਮਸ਼ੀਨ ਤੋਂ ਕਰਵਾ ਕੇ ਹੈਪੀਸੀਡਰ ਨਾਲ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ। ਉਹਨਾਂ ਨੇ ਪਿਛਲੇ ਸਾਲ ਹੈਪੀਸੀਡਰ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਕਿਸਾਨਾਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਪਰਾਲੀ ਨੂੰ ਜਮੀਨ ਵਿੱਚ ਹੀ ਵਹੁਣਾ ਚਾਹੀਦਾ ਹੈ ਤਾਂ ਜੋ ਮਿੱਟੀ ਅਤੇ ਵਾਤਾਵਰਣ ਦੋਹਾਂ ਨੂੰ ਬਚਾਇਆ ਜਾ ਸਕੇ।
    ਇਸ ਮੌਕੇ ਡਾ. ਚਮਨਦੀਪ ਸਿੰਘ ਨੇ ਕਿਸਾਨਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਣਕ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਆ। ਬਲਾਕ ਖੇਤੀਬਾੜੀ ਅਫਸਰ, ਡਾ: ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੇ ਸਹੀ ਮੰਡੀਕਰਨ ਬਾਰੇ ਦੱਸਦੇ ਹੋਏ ਕਿਹਾ ਕਿ ਫਸਲ ਨੂੰ ਵਿਕਣਯੋਗ ਹਾਲਤ ਵਿੱਚ ਹੀ ਮੰਡੀ ਵਿੱਚ ਲੈ ਕੇ ਜਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਣ ਵਾਲੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਮੰਡੀ ਵਿੱਚ ਕੇਵਲ ਲੁਹਾਈ ਅਤੇ ਸਫਾਈ ਦਾ ਖਰਚਾ ਕਿਸਾਨ ਨੂੰ ਦੇਣਾ ਹੁੰਦਾ ਹੈ ਅਤੇ ਬਾਕੀ ਖਰਚੇ ਖਰੀਦ ਏਜੰਸੀ ਦੇ ਹਿੱਸੇ ਆਉਂਦੇ ਹਨ। ਅਖੀਰ ਵਿੱਚ ਉਹਨਾਂ ਨੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਇਸ ਪਿੰਡ ਦਾ ਨਾਮ ਪੂਰੇ ਜਿਲ੍ਹੇ ਲਈ ਪ੍ਰੇਰਨਾਸਰੋਤ ਬਣ ਸਕੇ।

LEAVE A REPLY

Please enter your comment!
Please enter your name here