

ਭੀਖੀ/ਮਾਨਸਾ, 31 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਜਿੱਥੇ ਲਗਾਤਾਰ ਪਰਾਲੀ ਪ੍ਰਬੰਧਨ ਲਈ ਜੁਟੇ ਹੋਏ ਹਨ, ਓਥੇ ਅਗਾਂਹਵਧੂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਯੋਗ ਪ੍ਰਬੰਧਨ ਕਰਕੇ ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ।
ਅਜਿਹੀ ਹੀ ਮਿਸਾਲ ਭੀਖੀ ਦਾ ਕਿਸਾਨ ਜਗਸੀਰ ਸਿੰਘ ਹੈ। ਜਗਸੀਰ ਸਿੰਘ ਨੇ ਦੱਸਿਆ ਕਿ ਉਹ ਸਾਲ 2019 ਤੋਂ ਲਗਾਤਾਰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਅਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ ਅਤੇ ਕਦੇ ਵੀ ਪਰਾਲੀ ਨੂੰ ਅੱਗ ਨਹੀਂ ਲਗਾਈ।
ਇਸੇ ਤਰ੍ਹਾਂ ਭੀਖੀ ਦੇ ਕਿਸਾਨ ਬਲਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਸ ਨੂੰ ਬੇਲਰ ਅਤੇ ਸੁਪਰ ਸੀਡਰ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ ਜਿਸ ਦਾ ਸਦਉਪਯੋਗ ਕਰਦਿਆਂ ਉਹ ਪਰਾਲੀ ਦੀ ਸਾਂਭ ਸੰਭਾਲ ਕਰ ਰਿਹਾ ਹੈ। ਕਿਸਾਨ ਨੇ ਦੱਸਿਆ ਕਿ ਪਰਾਲੀ ਨੂੰ ਮਲਚਰ ਕਰਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹਾਂ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਹੀ ਫ਼ਸਲ ਦਾ ਝਾੜ ਵੀ ਵਧੇਰੇ ਪ੍ਰਾਪਤ ਹੁੰਦਾ ਹੈ।
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦਾ ਪੂਰਨ ਸਹਿਯੋਗ ਪ੍ਰਾਪਤ ਹੈ ਅਤੇ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।























