

ਮਾਨਸਾ, (ਸਾਰਾ ਯਹਾ,(ਬਲਜੀਤ ਸ਼ਰਮਾ) 27 ਅਗਸਤ: ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਦੇ ਹੋ ਰਹੇ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿਚ ਹੀ ਨਿਪਟਾਰੇ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਉਸੇ ਹੀ ਥਾਂ ਤੇ ਖ਼ਤਮ ਕਰਨ ਦੀ ਸਕੀਮ 2019-20 ਦੇ ਜਰੀਏ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਤੇ ਖੇਤੀ ਸੰਦ ਮੁਹੱਈਆ ਕਰਾਉਣ ਲਈ ਮੰਗੀਆਂ ਅਰਜ਼ੀਆਂ ਕਾਰਨ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ 934 ਦੇ ਕਰੀਬ ਕਿਸਾਨਾਂ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਅਰਜ਼ੀਆਂ ਦੇ ਕੇ ਇਹ ਮਸ਼ੀਨਰੀ ਹਾਸਲ ਕਰਨ ਲਈ ਪਹੁੰਚ ਕੀਤੀ ਹੈ।
ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਅੱਗ ਲਗਾਉਣ ਕਾਰਨ ਜਿੱਥੇ ਕਿਸਾਨਾਂ ਦੇ ਮਿੱਤਰ ਕੀੜੇ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ ਉਥੇ ਹੀ ਵਾਤਾਵਰਣ ਵਿਚ ਧੂੰਏ ਕਾਰਨ ਜ਼ਹਿਰਲੀਆਂ ਗੈਸਾਂ ਦੇ ਫੈਲਾਅ ਕਾਰਨ ਮਨੁੱਖੀ ਤੇ ਪਸ਼ੂ ਪੰਛੀਆਂ ਦੀ ਸਿਹਤ ’ਤੇ ਬਹੁਤ ਮਾੜਾ ਅਸਰ ਪੈਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਵਿਭਾਗ ਨੇ ਸੂਬੇ ਨੂੰ ਮੌਜੂਦਾ ਵਿੱਤੀ ਸਾਲ ਵਿਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ’ਤੇ ਮੁਹਿੰਮ ਸੂਬੇ ਵਿਚ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਖਪਾਉਣ ਲਈ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ ’ਤੇ 50 ਫੀਸਦੀ ਤੋਂ ਲੈਕੇ 80 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਜਿਸ ਨਾਲ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਉਲਟਾਵੇਂ ਹਨ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ 15 ਸਤੰਬਰ ਤੱਕ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਖਤਮ ਕਰਨ।
ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮੁੱਢਲੀ ਖੇਤੀਬਾੜੀ ਸਹਿਕਾਰਤਾ ਸੋਸਾਇਟੀ ਵੱਲੋਂ 549 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ 400 ਅਰਜ਼ੀਆਂ ਵੱਖ ਵੱਖ ਕਿਸਾਨਾਂ ਵੱਲੋਂ ਪ੍ਰਾਪਤ ਹੋਈਆਂ ਹਨ। ਸੋਸਾਇਟੀ ਵੱਲੋਂ ਪ੍ਰਾਪਤ ਹੋਈਆਂ 549 ਅਰਜ਼ੀਆਂ ਵਿਚੋਂ 126 ਬਲਾਕ ਮਾਨਸਾ, 111 ਬਲਾਕ ਭੀਖੀ, 152 ਬਲਾਕ ਬੁਢਲਾਡਾ, 90 ਬਲਾਕ ਝੁਨੀਰ ਅਤੇ 70 ਸਰਦੂਲਗੜ੍ਹ ਬਲਾਕ ਦੀਆਂ ਹਨ। ਸੋਸਇਟੀ ਵੱਲੋਂ ਕੁੱਲ 75 ਹੈਪੀ ਸੀਡਰ, 239 ਪਰਾਲੀ ਕੁਤਰਨ ਵਾਲੀਆਂ ਮਸ਼ੀਨਾਂ, 6 ਮਲਚਰ, 20 ਉਲਟਾਵੇਂ ਹਲ, 295 ਜ਼ੀਰੋ ਡਰਿੱਲ, 19 ਐਸ.ਐਮ.ਐਸ. ਅਤੇ ਇਕ ਰੋਟਰੀ ਸਲੈਸ਼ਰ ਦੀ ਮੰਗ ਕੀਤੀ ਗਈ ਹੈ।























