
- ਮਾਨਸਾ, 10 ਜਨਵਰੀ (ਬਲਜੀਤ ਸ਼ਰਮਾ ) : ਪੰਚਾਂ, ਸਰਪੰਚਾਂ, ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 11 ਜਨਵਰੀ ਨੂੰ ਸਥਾਨਕ ਨਵੀਂ ਦਾਣਾ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ. ਬਲਵੀਰ ਸਿੰਘ ਸਿੱਧੂ ਜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ।
ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦਾਣਾ ਮੰਡੀ ਵਿਖੇ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਪਹਿਲਾਂ ਇਸ ਸੰਹੁ ਚੁੱਕ ਸਮਾਗਮ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ਼੍ਰੀਮਤੀ ਰਜੀਆ ਸੁਲਤਾਨਾ ਨੇ ਸ਼ਿਰਕਤ ਕਰਨੀ ਸੀ ਪਰ ਸਰਕਾਰ ਦੇ ਨਵੇਂ ਆਏ ਪ੍ਰੋਗਰਾਮ ਅਨੁਸਾਰ ਹੁਣ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਸ਼੍ਰੀ ਬਲਵੀਰ ਸਿੰਘ ਸਿੱਧੂ ਇਸ ਸਹੁੰ ਚੁੱਕ ਸਮਾਗਮ ਦੇ ਮੁੱਖ-ਮਹਿਮਾਨ ਹੋਣਗੇ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਮਾਗਮ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਅੱਜ ਹੀ ਮੁਕੰਮਲ ਕਰ ਲਏ ਜਾਣ, ਤਾਂ ਕਿ ਸਮਾਗਮ ਦੌਰਾਨ ਕਿਸੇ ਕਿਸਮ ਦੀ ਕੋਈ ਕਮੀ-ਪੇਸ਼ੀ ਸਾਹਮਣੇ ਨਾ ਆਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੌਕੇ ਉਨ੍ਹਾਂ ਦੀਆਂ ਮੈਡੀਕਲ ਟੀਮਾਂ ਇੱਥੇ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਰਿਫਰੈਸ਼ਮੈਂਟ, ਪਾਣੀ ਅਤੇ ਪਾਰਕਿੰਗ ਤੋਂ ਇਲਾਵਾ ਪੰਚਾਂ-ਸਰਪੰਚਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੇ ਬੈਠਣ ਦੇ ਵੀ ਸੁਚੱਜੇ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਨੇ ਕਿਹਾ ਕਿ ਇਸ ਸਹੁੰ ਚੁੱਕ ਸਮਾਗਮ ਸਬੰਧੀ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਲ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਬਣਾਏ ਗਏ ਬਲਾਕ ਵਾਈਜ਼ ਬੈਠਣ ਵਾਲੀਆਂ ਥਾਵਾਂ ਤੋਂ ਇਲਾਵਾ, ਮੇਨ ਗੇਟ ਅਤੇ ਦਾਖਲਾ ਦਰਵਾਜ਼ਿਆਂ ‘ਤੇ ਵੀ ਪੁਲਿਸ ਜਵਾਨਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਜਗਤਾਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਸੁਪਰਡੈਂਟ ਸ਼੍ਰੀ ਪਵਨ ਕੁਮਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
EDITED BY : SARA YAHA | | Last Updated : 8:28 PM 10 ਜਨਵਰੀ 2018
























