

ਸਰਦੂਲਗੜ੍ਹ/ਮਾਨਸਾ, 01 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ IAS ਦੇ ਆਦੇ਼ਸਾਂ ‘ਤੇ ਖੇਤਬਾੜੀ ਤੇ ਕਿਸਾਨ ਸਿਖਲਾਈ ਵਿਭਾਗ ਵੱਲੋਂ ਪਿੰਡ ਆਹਲੂਪੁਰ, ਹੀਰਕੇ ਅਤੇ ਕੁਸਲਾ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਡਾ ਅਜੀਤ ਪਾਲ ਸਿੰਘ ਚਹਿਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਦੇ ਢੁੱਕਵੇਂ ਹੱਲ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨਾਲ ਡੀ.ਐਸ.ਪੀ ਪ੍ਰਿਤਪਾਲ ਸਿੰਘ, ਖੇਤੀਬਾੜੀ ਵਿਭਾਗ ਤੋ. ਅਮਨਦੀਪ ਸਿੰਘ, ਕਾਨੂੰਗੋ ਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।
ਇਸ ਮੌਕੇ ਐਸ.ਡੀ.ਐਮ. ਅਜੀਤ ਪਾਲ ਸਿੰਘ ਨੇ ਕਿਸਾਨਾਂ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੀ ਬਜਾਇ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਜਾਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ, ਤਾਂ ਜੋ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਵਿਚਲੇ ਤੱਤ ਮਰ ਜਾਂਦੇ ਹਨ। ਅੱਗ ਲਗਾਉਣ ਨਾਲ ਕਈ ਸੜ੍ਹਕੀ ਦੁਰਘਟਨਾਵਾਂ ਕਰਕੇ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਸਮੇਂ ਦੌਰਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਜਿਹੜ੍ਹੇ ਕਿਸਾਨ ਇਸ ਵਾਰ ਵੀ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।























