

ਬੁਢਲਾਡਾ 3 ਨਵੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਵਿਰੁੱਧ ਸੀ ਪੀ ਆਈ ਦੇ ਸੈਂਕੜੇ ਵਰਕਰਾਂ ਵੱਲੋਂ ਕਾਮਰੇਡ ਵੇਦ ਪ੍ਰਕਾਸ਼ ਬੁਢਲਾਡਾ, ਸਕੱਤਰ ਸੀਤਾਰਾਮ ਗੋਬਿੰਦਪੁਰਾ ਦੀ ਅਗਵਾਈ ਪਾਰਟੀ ਦਫਤਰ ਤੋਂ ਰੋਸ਼ ਮਾਰਚ ਕਰਨ ਉਪਰੰਤ ਸ਼ਹਿਰ ਵਿਚ ਮੋਦੀ ਦੀ ਅਰਥੀ ਫੂਕੀ ਗਈ।
ਰੋਸ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪਿਛਲੇ 60 ਸਾਲ ਤੋਂ ਚੱਲੇ ਆ ਰਹੇ ਸੈਨੇਟ ਅਤੇ ਸਿੰਡੀਕੇਟ ਰਾਹੀਂ ਚਲ ਰਹੇ ਪ੍ਰਬੰਧ ਨੂੰ ਬਦਲ ਕੇ ਨਿਯੁਕਤੀ ਰਾਹੀਂ ਪ੍ਰਬੰਧਕੀ ਚੋਣਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਵਿਚ ਚੰਡੀਗੜ੍ਹ ਤੋਂ ਚੁਣਿਆ ਗਿਆ ਸੰਸਦ ਮੈਂਬਰ,ਯੂਟੀ ਦਾ ਪ੍ਰਮੁੱਖ ਸਕੱਤਰ, ਸਿੱਖਿਆ ਸਕੱਤਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਸੈਨੇਟ ਦੀ ਤਾਕਤ ਨੂੰ 90 ਮੈਂਬਰਾਂ ਤੋਂ ਘਟਾ ਕੇ 31 ਕਰ ਦਿੱਤੀ ਗਈ ਹੈ,ਜਿਸ ਵਿਚ 18 ਮੈਂਬਰ ਚੁਣੇ ਹੋਏ 6 ਨਾਮਜ਼ਦ ਅਤੇ 7 ਅਹੁਦੇਦਾਰ ਸ਼ਾਮਲ ਹੋਣਗੇ।
ਕਮਿਊਨਿਸਟ ਆਗੂ ਸਾਥੀ ਅਰਸ਼ੀ ਨੇ ਮੋਦੀ ਸਰਕਾਰ ਦੇ ਇਸ ਫੈਸਲੇ ਦੀ ਨਿਖੇਦੀ ਕਰਦੇ ਹੋਏ ਦੋਸ਼ ਲਾਇਆ ਕਿ ਪਹਿਲਾਂ ਬੀ ਬੀ ਐਮ ਬੀ ਸਮੇਤ ਅਨੇਕਾਂ ਫੈਸਲੇ ਅਤੇ ਹੁਣ ਪੀ ਯੂ ਦੇ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਲੋਕ ਤੰਤਰ ਦਾ ਕਤਲ, ਕੇਂਦਰੀਕਰਨ ਬਹਾਨੇ ਕੇਂਦਰੀ ਸੰਸਥਾਵਾਂ ਦਾ ਭਗਵਾਂਕਰਨ ਕੀਤਾ ਜਾ ਰਿਹਾ ਹੈ। ਅਤੇ ਸੂਬਾਈ ਸਰਕਾਰਾਂ ਦੇ ਅਧਿਕਾਰਾ ਨੂੰ ਖਤਮ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਏਟਕ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਕਿਹਾ ਕਿ ਖੱਬੇ ਪੱਖੀ ਪਾਰਟੀਆਂ ਵਲੋਂ ਦਿੱਤੇ ਗਏ ਸੱਦੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨਾ ਸਮੇਂ ਦੀ ਲੋੜ ਦੱਸਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਸੀਰ ਰਾਏਕੇ, ਮਲਕੀਤ ਮੰਦਰਾਂ, ਗੋਰਾ ਟਾਹਲੀਆਂ, ਰਘੂ ਨਾਥ ਸਿੰਗਲਾ,ਚਿਮਨ ਲਾਲ ਕਾਕਾ, ਹਰਦਿਆਲ ਸਿੰਘ, ਬੱਬੂ ਸਿੰਘ, ਜੱਗਾ ਸੇਰਖਾ ਵਾਲਾ, ਅਸ਼ੋਕ ਲਾਕੜਾ, ਸੁਖਦੇਵ ਬੋੜਾਵਾਲ, ਹਰਮੀਤ ਬੋੜਾਵਾਲ, ਭੁਪਿੰਦਰ ਗੁਰਨੇ, ਦਰਸ਼ਨ ਗੁਰਨੇ, ਮੱਖਣ ਰੰਘੜਿਆਲ, ਮਲਕੀਤ ਬਖਸ਼ੀਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।























