*ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ, ਜਲ ਸਪਲਾਈ ਦੀਆਂ ਦਰਾਂ ਘਟਾਈਆਂ-ਡਿਪਟੀ ਕਮਿਸ਼ਨਰ ਮਾਨਸਾ*

0
114

ਮਾਨਸਾ, 17 ਨਵੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ) : ਪਿਛਲੇ ਦਿਨੀਂ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021 ਤੋਂ ਮੁਫਤ ਬਿਜਲੀ ਮੁਹੱਈਆ ਕਰਵਾਉਣ ਅਤੇ ਸ਼ਹਿਰੀ ਇਲਾਕਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਸੀ। ਜਿਸ ਨਾਲ ਜ਼ਿਲ੍ਹਾ ਮਾਨਸਾ ਦੇ ਪਿੰਡਾਂ ’ਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ਤਹਿਤ 87166 ਘਰਾਂ ਨੂੰ ਲਾਭ ਪੁੱਜੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਲ ਸਪਲਾਈ ਦੀਆਂ ਦਰਾਂ ਘਟਾ ਕੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੇ ਲਏ ਫੈਸਲਿਆਂ ਨੂੰ ਅਮਲੀ ਰੂਪ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਤਪਰ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਵਲੋਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਅਤੇ ਜਲ ਸਪਲਾਈ ਅਤੇ ਸੈਨੀਟੇਸਨ ਕਮੇਟੀਆਂ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਖੁੱਲ੍ਹੀ ਛੋਟ ਦਿੱਤੀ ਕਿ ਉਹ ਇਸ ਤਰਜ ’ਤੇ ਕਾਰਵਾਈ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਅਮਲੀ ਰੂਪ ਵਿੱਚ ਲਾਗੂ ਹੋਣ ਨਾਲ ਜ਼ਿਲ੍ਹੇ ਦੇ 87166 ਘਰਾਂ ਨੂੰ ਲਾਭ ਪੁੱਜੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ, ਜਿਸ ਤਹਿਤ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰੇਜ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦੇ ਕੇ ਰਾਹਤ ਦਿੱਤੀ ਗਈ ਸੀ। ਇਸ ਰਿਆਇਤਾਂ ਨਾਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਇਲਾਕਿਆਂ ’ਚ ਕਰੀਬ 21150 ਪਰਿਵਾਰਾਂ ਨੂੰ ਲਾਭ ਪਹੁੰਚੇਗਾ।

LEAVE A REPLY

Please enter your comment!
Please enter your name here