*ਪੜ੍ਹਾਈ, ਪੇਪਰ ਤਿਆਰੀ ਅਤੇ ਨਸ਼ਿਆਂ ਤੋਂ ਬਚਾਅ ‘ਤੇ ਕੇਂਦਰਿਤ ਮਾਪੇ ਵਰਕਸ਼ਾਪ 2.0 ਦਾ ਆਯੋਜਨ*

0
8

ਮਾਨਸਾ 7 ਫਰਵਰੀ  (ਸਾਰਾ ਯਹਾਂ/ਮੁੱਖ ਸੰਪਾਦਕ) : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਪੇ ਵਰਕਸ਼ਾਪ 2.0 ਦਾ ਸਾਰੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਆਯੋਜਨ ਕੀਤਾ ਗਿਆ।

ਇਸ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਵਰਕਸ਼ਾਪ ਦੇ ਮੁੱਖ ਏਜੰਡੇ ਦਾਖਲਾ ਮੁਹਿੰਮ, ਆਉਣ ਵਾਲੇ ਪੇਪਰਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਸਬੰਧੀ ਮਾਪਿਆਂ ਦੀ ਭੂਮਿਕਾ ਬਾਰੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਵਿੱਚ ਅਧਿਆਪਕਾ ਦਾ ਸਹਿਯੋਗ ਕਰਨ। 

ਪੇਪਰਾਂ ਦੀ ਤਿਆਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਤੇ ਬੇਲੋੜਾ ਦਬਾਅ ਨਾ ਪਾਉਣ ਅਤੇ ਉਨ੍ਹਾਂ ਨੂੰ ਆਤਮਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨ।ਮਾਪਿਆਂ ਨੂੰ ਬੱਚਿਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ।

ਸਰਕਾਰੀ ਸਕੂਲਾਂ ਦੀ ਸਿੱਖਿਆ ਦੀ ਗੁਣਵੱਤਾ ਅਤੇ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਕਿਤਾਬਾਂ, ਯੂਨੀਫ਼ਾਰਮ, ਮਿਡ-ਡੇ ਮੀਲ, ਵਜ਼ੀਫ਼ੇ ਅਤੇ ਆਵਾਜਾਈ ਵਰਗੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲਦਾ ਹੈ। 

ਉਹਨਾਂ ਮਾਪਿਆਂ ਨੂੰ ਅਪੀਲ ਕੀਤੀ  ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪੂਰਾ ਲਾਭ ਲੈਣ।

ਨਸ਼ਿਆਂ ਤੋਂ ਬਚਾਅ ਸੰਬੰਧੀ ਚਰਚਾ ਦੌਰਾਨ ਮਾਪਿਆਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ, ਉਨ੍ਹਾਂ ਦੀ ਸੰਗਤ ‘ਤੇ ਨਜ਼ਰ ਰੱਖਣ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਵਰਕਸ਼ਾਪ ਦੇ ਅੰਤ ਵਿੱਚ ਮਾਪਿਆਂ ਨੇ ਇਸ ਤਰ੍ਹਾਂ ਦੇ ਕਾਰਜਕ੍ਰਮਾਂ ਨੂੰ ਬਹੁਤ ਲਾਭਦਾਇਕ ਦੱਸਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਵਰਕਸ਼ਾਪਾਂ ਕਰਵਾਉਣ ਦੀ ਮੰਗ ਕੀਤੀ।

NO COMMENTS