

ਮਾਨਸਾ, 23 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਸਤੀਆਂ ਦਰ੍ਹਾਂ ਤੇ ਰੇਤ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਸੋਰਸ ਨਿਰਧਾਰਤ ਕੀਤਾ ਗਿਆ ਹੈ। ਜਿਸਨੂੰ ਬੇਸ ਰੇਟ ਮੰਨਦੇ ਹੋਏ ਲੋਕਾਂ ਨੂੰ ਵਾਜਬ ਰੇਟ/ਸਸਤੇ ਰੇਟਾਂ ਤੇ ਰੇਤ ਮੁਹੱਈਆ ਕਰਵਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਨੂੰ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਵੱਲੋਂ ਤੈਅ ਕੀਤਾ ਗਿਆ ਏਜੰਡਾ ਮਿਸ਼ਨ ਕਲੀਨ ਬਹੁਤ ਸਪੱਸ਼ਟ ਹੈ ਅਤੇ ਇਸ ਦੀ ਸਿਧਾਂਤਕ ਤੌਰ ਤੇ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਰੇਤੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਿਸੇ ਨੂੰ ਵੀ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ਦੀ ਇਜਾਜਤ ਨਹੀ ਦਿੱਤੀ ਜਾਵੇਗੀ।
ਉਨ੍ਹਾਂ ਰੇਤੇ ਦੀ ਕਾਲਾਬਜਾਰੀ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਹਰ ਹੀਲੇ ਸਸਤੀਆਂ ਦਰ੍ਹਾਂ ’ਤੇ ਹੀ ਰੇਤਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀ ਲੋੜ ਪੈਣ ’ਤੇ ਪੁਲਿਸ ਸਹਾਇਤਾ ਲੈ ਸਕਦੇ ਹਨ, ਪੁਲਿਸ ਇਸ ਕੰਮ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਕਾਰਵਾਈ ਕਰਨ ਲਈ ਹਰ ਸਮੇਂ ਕਾਰਜ਼ਸੀਲ ਹੈ।























