

ਮਾਨਸਾ, 03 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਦੇ ਸਹਿਯ਼ੋਗ ਨਾਲ ਇੱਕ ਦਿਨਾਂ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਸਵੈ-ਸੇਵੀ ਗਰੁੱਪ ਦੀਆਂ ਔਰਤਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਬੈਂਕ ਲੋਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਵਰਕਸ਼ਾਪ ਵਿੱਚ ਸਵੈ-ਸਹਾਇਤਾ ਸਮੂਹਾਂ ਦੀਆ ਲਗਭਗ 100 ਔਰਤਾਂ ਨੇ ਹਿੱਸਾ ਲਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਹੁਨਰ ਵਿਕਾਸ ਸਿਖਲਾਈ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਐਸ.ਬੀ.ਆਈ ਬੈਂਕ ਦੇ ਨੁਮਾਇੰਦੇ ਸ਼੍ਰੀ ਰਾਮਜੀਵਨ ਵੱਲੋਂ ਬੈਕਾਂ ਦੁਆਰਾ ਸਵੈ-ਸਹਾਇਤਾ ਸਮੂਹਾਂ ਨੂੰ ਸਵੈ-ਰੁਜ਼ਗਾਰ ਚਲਾਈ ਲਈ ਮੁਹੱਈਆ ਕਰਵਾਏ ਜਾ ਰਹੇ ਕਰਜ਼ੇ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਸੈਲਫ਼ ਹੈਲਪ ਗਰੁੱਪਾਂ ਦੀਆਂ ਔਰਤਾਂ ਨੂੰ ਡਾਇਰੈਕਟਰ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਕੇਂਦਰ ਸ਼੍ਰੀ ਰੇਖੀ ਨੇ ਆਰਸੇਟੀ ਵੱਲੋਂ ਵੱਖ-ਵੱਖ ਚਲਾਏ ਜਾ ਰਹੇ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ ਮਨੋਜ ਕੁਮਾਰ, ਐਸ.ਸੀ. ਕਾਰਪੋਰੇਸ਼ਨ ਤੋਂ ਸ਼੍ਰੀ ਕਮਲਪ੍ਰੀਤ ਸਿੰਘ, ਬੀ.ਸੀ. ਕਾਰਪੋਰੇਸ਼ਨ ਤੋਂ ਸ਼੍ਰੀ ਅਮਰਿੰਦਰ ਸਿੰਘ ਅਤੇ ਜ਼ਿਲ੍ਹਾ ਮੈਨੇਜਰ ਪੀ.ਐਸ.ਆਰ.ਐਲ.ਐਮ. ਸ਼੍ਰੀਮਤੀ ਰਾਜਵਿੰਦਰ ਕੌਰ ਵੱਲੋਂ ਹਿੱਸਾ ਲਿਆ ਗਿਆ।






















