

ਮਾਨਸਾ, 10 ਮਈ (ਹੀਰਾ ਸਿੰਘ ਮਿੱਤਲ): ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਤੋਂ ਰੋਕਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਪੁਲਿਸ ਵਿਭਾਗ ਅਤੇ ਕਿਸਾਨਾਂ ਨਾਲ ਸਥਾਨਕ ਬੱਚਤ ਭਵਨ ਵਿਖੇ ਇੱਕ ਅਹਿਮ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਇਸ ਸਾਲ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਰੁਝਾਨ 35 ਤੋਂ 40 ਫੀਸਦੀ ਘਟਿਆ ਹੈ ਪਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਚਲਾਈ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਕੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ।
ਮੀਟਿੰਗ ਦੌਰਾਨ ਪਿੰਡ ਖਾਰਾ ਦੇ ਕਿਸਾਨ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਕੋਲ ਢਾਈ ਏਕੜ ਜ਼ਮੀਨ ਹੈ ਅਤੇ ਉਸਨੇ ਨਾੜ ਨੂੰ ਅੱਗ ਨਹੀਂ ਲਗਾਈ। ਇਸੇ ਤਰ੍ਹਾਂ ਕਿਸਾਨ ਜੌਰਾ ਸਿੰਘ ਨੇ ਵੀ ਦੱਸਿਆ ਕਿ ਉਸਨੇ ਵੀ ਆਪਣੇ ਨਾੜ ਨੂੰ ਅੱਗ ਨਹੀਂ ਲਗਾਈ। ਦੋਵਾਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੇ ਧਿਆਨ ਵਿੱਚ ਲਿਆਂਦਾ ਕਿ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਉਨ੍ਹਾਂ ਨੂੰ ਕੁਝ ਸਮੱਸਿਆਵਾਂ ਆਈਆਂ, ਜਿਨ੍ਹਾਂ ਵਿੱਚੋਂ ਮਸ਼ੀਨਰੀ ਦੀ ਘਾਟ ਸਭ ਤੋਂ ਵੱਡੀ ਸਮੱਸਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਬੇਲਰ, ਹੈਪੀਸੀਡਰ, ਰੋਟਾਵੇਟਰ ਤੋਂ ਇਲਾਵਾ ਹੋਰ ਵੀ ਮਸ਼ੀਨਰੀ ਬਹੁਤ ਵੱਡੀ ਮਾਤਰਾ ਵਿੱਚ ਜ਼ਿਲ੍ਹੇ ਵਿੱਚ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਲਕੁੱਲ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਅਤੇ ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਰਹਿੰਦ-ਖੂੰਹਦ ਸਾੜਨ ਨਾਲ ਸਾਰਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਇਸਦੇ ਧੂੰਏ ਨਾਲ ਮਨੁੱਖੀ ਸ਼ਰੀਰ ਵੀ ਬਿਮਾਰੀਆਂ ਦੀ ਚਪੇਟ ਵਿੱਚ ਆ ਜਾਂਦਾ ਹੈ, ਜਿਸ ਦਾ ਜ਼ਿਆਦਾ ਨੁਕਸਾਨ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਡੀ.ਐਸ.ਪੀ. ਸ਼੍ਰੀ ਬਹਾਦਰ ਸਿੰਘ ਰਾਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।






















