

ਮਾਨਸਾ 23 ਫਰਵਰੀ (ਸਾਰਾ ਯਹਾ,ਬਲਜੀਤ ਪਾਲ / ਬ.ਪ.ਸ):ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀ ਜਿੱਤ ਦੀ ਖੁਸ਼ੀ ਵਿੱਚ ਹਲਕਾ ਸਰਦੂਲਗੜ੍ਹ ਦੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਿੰਡ ਫੱਤਾ ਮਾਲੋਕਾ ਦੇ ਗੁਰੂ ਘਰ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਦੇ ਵਿੱਚੋਂ ਸੈਂਕੜੇ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। ਭੋਗ ਪੈਣ ਉਪਰੰਤ ਆਮ ਆਦਮੀ ਪਾਰਟੀ ਦੇ ਨੇਮ ਚੰਦ ਚੌਧਰੀ ਵੱਲੋਂ ਪਿੰਡ ਫੱਤਾ ਮਾਲੋਕਾ ਵਿਖੇ ਰੱਖੀ ਪਾਰਟੀ ਵਰਕਰਾਂ ਦੀ ਮੀਟਿੰਗ ਨੇ ਇੱਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਰੈਲੀ ਨੁਮਾ ਮੀਟਿੰਗ ਵਿੱਚ ਪਹੁੰਚੇ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਬੁਲਾਰਿਆਂ ਨੇ ਇਸ ਮੌਕੇ ਸਮੂਹ ਵਰਕਰਾਂ ਨੂੰ ਦਿੱਲੀ ਵਿੱਚ ਤੀਜੀ ਵਾਰ ਆਮ ਆਦਮੀ ਦੀ ਸਰਕਾਰ ਬਣਨ ਦੀਆਂ ਵਧਾਈਆਂ ਦਿੰਦਿਆਂ 2022 ਚ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਹੁਣੇ ਤੋਂ ਆਪਣੀਆਂ ਸਰਗਰਮੀਆਂ ਤੇਜ਼ ਕਰਨ ਲਈ ਕਿਹਾ। ਇਸ ਮੌਕੇ ਬੋਲਦਿਆਂ ਨੇਮ ਚੰਦ ਚੌਧਰੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੀਤਾ ਕੰਮਾਂ ਨੂੰ ਵੋਟ ਪਾ ਕੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀਆਂ ਤੋਂ ਅੱਕ ਚੁੱਕੇ ਹਨ। ਪਿਛਲੇ ਸੱਤਰ ਸਾਲਾਂ ਤੋਂ ਸੂਬੇ ਵਿੱਚ ਰਾਜ ਕਰ ਰਹੀਆਂ ਇਹ ਪਾਰਟੀਆਂ ਨੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਕੀਤੇ ਹਨ। ਇਨ੍ਹਾਂ ਪਾਰਟੀਆਂ ਵੱਲੋਂ ਆਮ ਲੋਕਾਂ ਨਾਲ ਧੱਕੇਸ਼ਾਹੀਆਂ ਕਰਕੇ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਦੇ ਵਿਕਾਸ ਕੀਤੇ ਹਨ। ਹੁਣ ਸੂਬੇ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਹੈ। ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਨੇ ਲੋਕਾਂ ਦੇ ਮੁੱਖ ਮੁੱਦਿਆਂ ਨੂੰ ਭੁਲਾ ਦਿੱਤਾ ਹੈ। ਸੂਬੇ ਵਿੱਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਸੂਬੇ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ ਪਹਿਲਾਂ ਸੂਬੇ ਨੂੰ ਅਕਾਲੀਆਂ ਨੇ ਲੁੱਟਿਆ ਅਤੇ ਹੁਣ ਕਾਂਗਰਸੀ ਸੂਬੇ ਦਾ ਵਿਨਾਸ਼ ਕਰਨ ਤੇ ਤੁਲੇ ਹੋਏ ਹਨ। ਸੂਬਾ ਵਾਸੀਆਂ ਨੂੰ ਸਿਰਫ਼ ਆਮ ਆਦਮੀ ਪਾਰਟੀ ਵਿੱਚੋਂ ਆਸ ਦੀ ਕਿਰਨ ਨਜ਼ਰ ਆ ਰਹੀ ਹੈ। ਅੱਜ ਦਾ ਇਕੱਠ ਇਹ ਦਰਸਾਉਂਦਾ ਹੈ ਕਿ ਹੁਣ ਸੂਬੇ ਦੇ ਲੋਕ ਜਾਗਰੂਕ ਹੋ ਚੁੱਕੇ ਹਨ। ਸੂਬਾ ਵਾਸੀ ਆਮ ਆਦਮੀ ਪਾਰਟੀ ਵਿੱਚੋਂ ਪੰਜਾਬ ਦਾ ਸੁਨਹਿਰੀ ਭਵਿੱਖ ਵੇਖ ਰਹੇ ਹਨ ਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕੇ ਪੰਜਾਬ ਨੂੰ ਫਿਰ ਤੋਂ ਸੋਨੇ ਦੀ ਚਿੜੀ ਬਣਾਉਣਗੇ। ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚੋਂ ਆਏ ਸਮੂਹ ਪਾਰਟੀ ਵਰਕਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।























