

ਮਾਨਸਾ, 09 ਜਨਵਰੀ (ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ 26 ਜਨਵਰੀ ਗਣਤੰਤਰਤਾ ਦਿਵਸ ਨੂੰ ਜ਼ਿਲ੍ਹੇ ਵਿਚ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਗਣਤੰਤਰਤਾ ਦਿਵਸ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੌਮੀ ਮਹੱਤਵ ਵਾਲੇ ਦਿਹਾੜੇ ‘ਤੇ ਵੱਖ-ਵੱਖ ਖੇਤਰਾਂ ‘ਚ ਮੱਲਾਂ ਮਾਰਨ ਵਾਲੀਆਂ ਸਖ਼ਸ਼ੀਅਤਾਂ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਵੀਲ੍ਹ ਚੇਅਰ, ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸੱਭਿਆਚਾਰਕ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਣਤੰਤਰਤਾ ਦਿਵਸ ਮੌਕੇ ਠੀਕਰਵਾਲਾ ਚੌਂਕ ਅਤੇ ਸ਼ਹਿਰ ਦੇ ਕਈ ਹੋਰਨਾਂ ਥਾਵਾਂ ‘ਤੇ ਜਿੱਥੇ ਤਿਰੰਗੇ ਝੰਡੇ ਲਗਾ ਕੇ ਸਜਾਵਟ ਕੀਤੀ ਜਾਵੇਗੀ, ਉਥੇ ਦੇਸ਼ ਭਗਤੀ ਦੇ ਗੀਤ ਵੀ ਚਲਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜਿਨ੍ਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੌਮੀ ਦਿਹਾੜੇ ਸਬੰਧੀ ਪਹਿਲੀ ਰਿਹਰਸਲ 18 ਜਨਵਰੀ, ਦੂਸਰੀ ਰਿਹਰਸਲ 21 ਜਨਵਰੀ ਅਤੇ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਖ਼ਰਾਬ ਮੌਸਮ ਕਾਰਨ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਗਣਤੰਤਰਤਾ ਦਿਵਸ ਨਾ ਮਨਾਇਆ ਜਾ ਸਕੇ, ਤਾਂ ਗਣਤੰਤਰਤਾ ਦਿਵਸ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਉਣ ਲਈ ਬਦਲਵੇਂ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ।
ਇਸ ਮੌਕੇ ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੱਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਨੁਮਾਇੰਦੇ ਹਾਜ਼ਰ ਸਨ।
EDITED BY : SARA YAHA | | Last Updated : 7:55 PM 9 ਜਨਵਰੀ 2018























