ਬਾਹਰੋਂ ਆਉਂਦੀਆਂ ਨਕਲੀ ਕੀਟਨਾਸ਼ਕ ਦਵਾਈਆਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ- ਡਾ. ਗੁਰਮੇਲ ਸਿੰਘ ਚਹਿਲ

0
84

ਮਾਨਸਾ, 09 ਅਗਸਤ ((ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹੇ ਵਿਚ ਨਕਲੀ ਕੀਟਨਾਸ਼ਕ ਦਵਾਈਆਂ ਦੇ ਪ੍ਰਵੇਸ਼ ਨੂੰ ਰੋਕਣ ਲਈ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ 6 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਅਜਿਹੇ ਅਨਸਰਾਂ ਨੂੰ ਅਚਨਚੇਤ ਕਾਬੂ ਕਰਨਗੀਆਂ ਤਾਂ ਜੋ ਫੜੇ ਜਾਣ ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਲਈ ਸਿਹਤਮੰਦ ਫਸਲ ਦਾ ਹੋਣਾ ਵੀ ਜਰੂਰੀ ਹੈ ਅਤੇ ਸਿਹਤਮੰਦ ਫਸਲ ਤਦ ਹੀ ਮਿਲੇਗੀ ਜੇਕਰ ਮਿੱਟੀ ਦੀ ਉਪਜਾਊ ਸ਼ਕਤੀ ਬਰਕਾਰ ਰਹੇਗੀ। ਇਸ ਲਈ ਨਕਲੀ ਕੀਟਨਾਸ਼ਕ ਦਵਾਈਆਂ ਦੀ ਰੋਕਥਾਮ ਬਹੁਤ ਜਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦੂਸਰੇ ਸੂਬਿਆਂ ‘ਚੋਂ ਆਕੇ ਕਿਸਾਨਾਂ ਨੂੰ ਨਕਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਤੇ ਵਿਭਾਗ ਵੱਲੋਂ ਕੜੀ ਨਜ਼ਰ ਰੱਖੀ ਜਾ ਰਹੀ ਹੈ।  
    ਉਨ੍ਹਾਂ ਕਿਹਾ ਕਿ ਇਸ ਕੰਮ ਲਈ ਗਠਿਤ ਕੀਤੀਆਂ ਇਨਾਂ ਟੀਮਾਂ ਵਾਸਤੇ ਲੋੜ ਪੈਣ ਤੇ ਪੁਲਿਸ ਦਾ ਸਹਿਯੋਗ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਹ ਖੁਦ ਜਿਲ੍ਹੇ ਦੀ ਟੀਮ ਦੀ ਅਗਵਾਈ ਕਰ ਰਹੇ ਹਨ ਤਾਂ ਜੋ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਂਦਾ ਜਾ ਸਕੇ। ਵਿਭਾਗ ਦੀਆਂ ਟੀਮਾਂ ਵੱਲੋਂ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਇਨ੍ਹਾਂ ਨਕਲੀ ਦਵਾਈਆਂ ਰਾਹੀਂ ਕਿਸਾਨਾਂ ਦਾ ਨੁਕਸਾਨ ਨਾ ਹੋਵੇ ਅਤੇ ਪੌਣ ਪਾਣੀ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।  ਉਨ੍ਹਾਂ ਨਾਲ ਹੀ ਦੱਸਿਆ ਕਿ ਝੋਨੇ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਦਾਣੇਦਾਰ ਜਹਿਰਾਂ ਦੀ ਕੋਈ ਸਿਫਾਰਿਸ਼ ਨਹੀਂ ਹੈ, ਸੋ ਕਿਸਾਨ ਇਨ੍ਹਾਂ ਜਹਿਰਾਂ ਦੀ ਵਰਤੋਂ ਤੋਂ ਗੁਰੇਜ਼ ਕਰਨ, ਇਸ ਨਾਲ ਜਿੱਥੇ ਕਿਸਾਨਾਂ ਦਾ ਖਰਚਾ ਵੀ ਘਟੇਗਾ ਉੱਥੇ ਵਾਤਾਵਰਨ ਵੀ ਸਾਫ ਸੁਥਰਾ ਰਹੇਗਾ।

LEAVE A REPLY

Please enter your comment!
Please enter your name here