

ਫਗਵਾੜਾ 27 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਉਣ ਵਾਲੇ ਸਾਲ 2025-26 ਲਈ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਰਾਹੀਂ 31 ਮਾਰਚ, 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕਰਕੇ ਬਾਬਾ ਸਾਹਿਬ ਡਾ. ਅੰਬੇਡਕਰ ਦੀ ਜਯੰਤੀ ਤੋਂ ਪਹਿਲਾਂ ਦਲਿਤ ਭਾਈਚਾਰੇ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਫਗਵਾੜਾ ਵਿਧਾਨ ਸਭਾ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਹੀ। ਜੋਗਿੰਦਰ ਮਾਨ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਦੇ ਉਪਰੋਕਤ ਐਲਾਨ ਨਾਲ ਦਲਿਤ ਭਾਈਚਾਰੇ ਦੇ 4650 ਲੋਕਾਂ ਤੋਂ ਕਰਜ਼ੇ ਦਾ ਬੋਝ ਉਤਰ ਜਾਵੇਗਾ। ਉਨ੍ਹਾਂ ਵਿੱਤ ਮੰਤਰੀ ਚੀਮਾ ਨੂੰ ਵੀ ਸ਼ਾਨਦਾਰ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਬਜਟ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਇੱਕ ਮੀਲ ਪੱਥਰ ਹੈ। ਜਿਸ ਵਿੱਚ ਪੇਂਡੂ ਅਤੇ ਸ਼ਹਿਰੀ ਵਿਕਾਸ, ਸਿੱਖਿਆ, ਸਿਹਤ, ਖੇਡਾਂ, ਸਿਵਲ ਸੁਰੱਖਿਆ ਅਤੇ ਨਾਗਰਿਕਾਂ ਲਈ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਗਿਆ ਹੈ। ਮਾਨ ਨੇ ਨਸ਼ਿਆਂ ਵਿਰੁੱਧ ਜੰਗ ਲਈ 110 ਕਰੋੜ ਰੁਪਏ, ਡਰੱਗ ਸੈਂਸਰਸ਼ਿਪ ਲਈ 150 ਕਰੋੜ ਰੁਪਏ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਜਟ ਵਿੱਚ 979 ਕਰੋੜ ਰੁਪਏ ਦੇ ਪ੍ਰਬੰਧ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਨਸ਼ਾ ਮਾਫੀਆ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨਾਂ ਨੇ ਪੰਜਾਬ ਦੇ ਪੇਂਡੂ ਵਿਕਾਸ ਲਈ 3500 ਕਰੋੜ ਅਤੇ ਰੁਪਏ ਅਤੇ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਦੇ ਸਰਵਪੱਖੀ ਵਿਕਾਸ ਲਈ 5-5 ਕਰੋੜ ਰੁਪਏ ਦੇਣ ਦੇ ਐਲਾਨ, ਹਰੇਕ ਨਾਗਰਿਕ ਲਈ ਮੁਫ਼ਤ ਸਿਹਤ ਬੀਮਾ ਅਤੇ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਰਕਕੇ ਨਾਗਰਿਕਾਂ ਲਈ ਫਰੀ ਇਲਾਜ ਦੀ ਸੁਵਿਧਾ ਨੂੰ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਦੱਸਿਆ। ਮਾਨ ਨੇ ਕਿਹਾ ਕਿ ਇੱਕ ਉਹ ਸਮਾਂ ਸੀ ਜਦੋਂ ਪੰਜਾਬ ਦੀ ਨਸ਼ੇ ‘ਚ ਗਰਤ ਹੋ ਰਹੀ ਜਵਾਨੀ ‘ਤੇ ਵਿਅੰਗ ਕਰਦੀ ਉੱਡਦਾ ਪੰਜਾਬ ਵਰਗੀਆਂ ਫਿਲਮਾਂ ਬਣਦੀਆਂ ਸਨ ਪਰ ਹੁਣ ਉਹੀ ਪੰਜਾਬ ਬਹੁਤ ਤੇਜ਼ੀ ਨਾਲ ਨੱਚਦਾ, ਟੱਪਦਾ, ਮਹਿਕਦਾ ਤੇ ਹੱਸਦਾ ਹੋਇਆ ਰੰਗਲਾ ਪੰਜਾਬ ਬਣਨ ਵੱਲ ਵਧ ਰਿਹਾ ਹੈ।























