*ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, CM ਮਾਨ ਹਸਪਤਾਲ ਚੋਂ ਹੀ ਲੈਣਗੇ ਮੀਟਿੰਗ ‘ਚ ਹਿੱਸਾ*

0
26

Punjab News  (ਸਾਰਾ ਯਹਾਂ/ਬਿਊਰੋ ਨਿਊਜ਼) :  ਕੱਲ੍ਹ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ  ਕੱਲ੍ਹ ਦੁਪਹਿਰ 12 ਵਜੇ ਸੀਐਮ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਨਜਿੱਠਣ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ। ਜ਼ਿਕਰ ਕਰ ਦਈਏ ਕਿ ਸੀਐਮ ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਹਸਪਤਾਲ ਤੋਂ ਹੀ ਮੀਟਿੰਗ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫਰੰਸ ਰਾਹੀਂ ਕੈਬਿਨਟ ਮੀਟਿੰਗ ‘ਚ ਸ਼ਾਮਲ ਹੋਣਗੇ । ਇਸ ਮੌਕੇ ਸੀਐਮ ਮਾਨ ਨੇ ਕਿਹਾ – “ਲੋਕਾਂ ਦੀ ਸੇਵਾ ਹੀ ਮੇਰੀ ਤਰਜੀਹ ਹੈ”

ਮਨੀਸ਼ ਸਿਸੋਦੀਆ ਨੇ ਕੀਤਾ ਸੀ ਇਸ਼ਾਰਾ 

 ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਅਜਿਹੀ ਨੀਤੀ ਲਿਆਉਣ ਜਾ ਰਹੀ ਹੈ, ਜਿਸ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਜਮ੍ਹਾ ਰੇਤ ਨੂੰ ਕੱਢ ਸਕਣਗੇ। ਯਾਨੀ ਕਿਸਾਨ ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾ ਰੇਤ ਦੀ ਖੁਦਾਈ ਕਰ ਸਕਣਗੇ। ਇਸ ‘ਤੇ ਸਰਕਾਰ ਵੱਲੋਂ ਕੋਈ ਪਾਬੰਦੀ ਨਹੀਂ ਹੋਵੇਗੀ।

ਸਿਸੋਦੀਆ ਨੇ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਨਹੀਂ ਹੈ ਪਰ ਮੌਜੂਦਾ ਸਥਿਤੀ ਅਸਾਧਾਰਨ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਨਵੀਂ ਨੀਤੀ ਲਿਆ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਪੰਜਾਬ ਵਿੱਚ ਹੜ੍ਹਾਂ ਨਾਲ ਬੁਰਾ ਹਾਲ 

ਦੱਸ ਦਈਏ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। 8 ਤੋਂ ਵੱਧ ਜ਼ਿਲ੍ਹਿਆਂ ਦੇ ਪਿੰਡ ਅਜੇ ਵੀ 4-4 ਫੁੱਟ ਤੱਕ ਪਾਣੀ ਨਾਲ ਭਰੇ ਹੋਏ ਹਨ। ਇਸ ਦੌਰਾਨ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਨਿੱਜੀ, ਸਰਕਾਰੀ, ਸਹਾਇਤਾ ਪ੍ਰਾਪਤ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮ ਦਿੱਤੇ ਹਨ।

ਨਿੱਜੀ ਸਕੂਲ-ਕਾਲਜ ਅਤੇ ਸਰਕਾਰੀ ਕਾਲਜ-ਯੂਨੀਵਰਸਿਟੀਆਂ ਕੱਲ੍ਹ (8 ਸਤੰਬਰ) ਤੋਂ ਖੁੱਲ੍ਹ ਸਕਦੀਆਂ ਹਨ। ਸਰਕਾਰੀ ਸਕੂਲਾਂ ਵਿੱਚ ਕੱਲ੍ਹ ਕੋਈ ਕਲਾਸਾਂ ਨਹੀਂ ਹੋਣਗੀਆਂ, ਪਰ ਅਧਿਆਪਕ ਆ ਕੇ ਸਕੂਲ ਦੀ ਹਾਲਤ ਦੀ ਜਾਂਚ ਕਰਨਗੇ ਅਤੇ ਸਾਫ਼-ਸਫ਼ਾਈ ਕਰਵਾਉਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਇਮਾਰਤਾਂ ਦੀ ਹਾਲਤ ਖਰਾਬ ਹੈ, ਉੱਥੇ ਅੰਤਿਮ ਫੈਸਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਲੈਣਗੇ।

ਇਹ ਵੀ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਰਸੋਂ ਯਾਨੀ 9 ਸਤੰਬਰ ਨੂੰ ਪੰਜਾਬ ਆ ਰਹੇ ਹਨ। ਉਹ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਹੜ੍ਹ ਪੀੜਤਾਂ ਨੂੰ ਮਿਲਣਗੇ

LEAVE A REPLY

Please enter your comment!
Please enter your name here