*ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਮੁਹਾਲੀ ‘ਚ ਖੜਕਾ-ਦੜਕਾ, ਪੁਲਿਸ ਨੇ ਸੁਖਬੀਰ ਬਾਦਲ ਨੂੰ ਵੀ ਚੁੱਕਿਆ*

0
55

 (ਸਾਰਾ ਯਹਾਂ/ਬਿਊਰੋ ਨਿਊਜ਼)  : ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਮਗਰੋਂ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ। ਅੱਜ ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਅਦਾਲਤ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਜੀਠੀਆ ਅਦਾਲਤ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਤੇ ਪੁਲਿਸ ਵਿਚਕਾਰ ਬਹਿਸ ਵੀ ਦੇਖਣ ਨੂੰ ਮਿਲੀ। 

ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਸੁਖਬੀਰ ਬਾਦਲ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤ ਕੰਪਲੈਕਸ ਤੋਂ ਦੂਰ ਰੱਖਿਆ ਗਿਆ ਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਘਟਨਾ ਤੋਂ ਬਾਅਦ ਅਕਾਲੀ ਸਮਰਥਕਾਂ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਨੂੰ ਲੋਕਤੰਤਰ ਦੇ ਵਿਰੁੱਧ ਦੱਸਿਆ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੇ ਫਾਇਰ ਬ੍ਰਿਗੇਡ ਤਾਇਨਾਤ ਹਨ।

ਦੱਸ ਦਈਏ ਕਿ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਸੱਤ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮਜੀਠੀਆ ਦੇ ਵਕੀਲ ਉਨ੍ਹਾਂ ਦੀ ਗ੍ਰਿਫ਼ਤਾਰੀ ਖਿਲਾਫ਼ ਪਹਿਲਾਂ ਹੀ ਹਾਈਕੋਰਟ ਪਹੁੰਚ ਗਏ ਹਨ।


ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਆਪਣੇ ਫੇਸਬੁੱਕ ਅਕਾਊਂਟ ਉੱਤੇ ਲੋਧੀ ਨੰਗਲ ਖੇਤਰ ਦੇ ਅਕਾਲੀ ਵਰਕਰਾਂ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਮੁਹਾਲੀ ਕੋਰਟ ਵਿਚ ਬਿਕਰਮ ਮਜੀਠੀਆ ਦੀ ਪੇਸ਼ੀ ਮੌਕੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਆ ਰਹੇ ਅਕਾਲੀ ਵਰਕਰਾਂ ਨੂੰ ਨਾਕਾਬੰਦੀ ਕਰਕੇ ਰਸਤਿਆਂ ਵਿੱਚ ਰੋਕਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਮੁਹਾਲੀ ਨਹੀਂ ਆਉਣ ਦਿੱਤਾ ਜਾ ਰਿਹਾ।

LEAVE A REPLY

Please enter your comment!
Please enter your name here