

ਮਾਨਸਾ, 20 ਜੁਲਾਈ ( ਬਲਜੀਤ ਸ਼ਰਮਾ) : ਮਨੁੱਖੀ ਜ਼ਿੰਦਗੀ ਵਿੱਚ ਰੁੱਖਾਂ ਦੀ ਬਹੁਤ ਮਹੱਤਤਾ ਹੈ। ਰੁੱਖਾਂ ਜਿੱਥੇ ਸਾਨੂੰ ਛਾ ਅਤੇ ਫਲ ਪ੍ਰਦਾਨ ਕਰਦੇ ਹਨ, ਉਥੇ ਇਨ੍ਹਾਂ ਦੀਆਂ ਛਾਲਾਂ ਤੋਂ ਵੀ ਕਈ ਤਰ੍ਹਾਂ ਦੀਆਂ ਦਵਾਈਆਂ ਤਿਆਰ ਹੁੰਦੀਆਂ ਹਨ, ਜਿਨ੍ਹਾਂ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਜਿੱਥੇ ਵੱਧ ਰੁੱਖ ਹੁੰਦੇ ਹਨ, ਉਥੇ ਵਾਤਾਵਰਨ ਦੀ ਸ਼ੁੱਧਤਾ ਵੀ ਵੱਧ ਹੁੰਦੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਰੁੱਖ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਦੀ ਸੰਭਾਲ ਅਤੇ ਇਸ ਨੂੰ ਹਰਿਆਵਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਪੌਦੇ ਲਗਾਉਣ ਵਿੱਚ ਆਪਣੀ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਿਭਾਗਾਂ ਵੱਲੋਂ 110422 ਟੋਏ ਪੁੱਟ ਕੇ ਉਨ੍ਹਾਂ ਵਿੱਚ 78940 ਪੌਦੇ ਲਗਾ ਦਿੱਤੇ ਗਏ ਹਨ ਅਤੇ ਮਿਸ਼ਨ ਤਹਿਤ ਪੌਦੇ ਲਗਾਉਣ ਦੀ ਲਗਾਤਾਰਤਾ ਵਿੱਚ ਰੋਜ਼ਾਨਾ ਹੀ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਪੌਦਾਰੋਪਣ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਬੀ.ਡੀ.ਪੀ.ਓ. ਭੀਖੀ, ਬੁਢਲਾਡਾ, ਝੁਨੀਰ, ਮਾਨਸਾ ਅਤੇ ਸਰਦੂਲਗੜ੍ਹ ਵੱਲੋਂ 46610, ਵਣ ਮੰਡਲ ਅਫ਼ਸਰ ਵੱਲੋਂ 12200, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ 110, ਯੂਵਕ ਸੇਵਾਵਾਂ ਵੱਲੋਂ 7700, ਨਹਿਰੂ ਯੁਵਾ ਕੇਂਦਰ ਵੱਲੋਂ 7400 ਪੌਦੇ ਲਗਾਏ ਜਾ ਚੁੱਕੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਵਾਟਰ ਸਪਲਾਈ ਵਿਭਾਗ ਵੱਲੋਂ 220, ਪੰਜਾਬ ਮੰਡੀ ਬੋਰਡ ਵੱਲੋਂ 3300, ਡੀ.ਆਰ. ਕੋਆਪਰੇਟਿਕ ਸੋਸਾਇਟੀ ਵੱਲੋਂ 1400 ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਗਨਰੇਗਾ ਅਧੀਨ 66457 ਪੌਦੇ ਵੱਖ-ਵੱਖ ਪੰਚਾਇਤਾਂ ਨੂੰ ਜਾਰੀ ਕੀਤੇ ਗਏ ਹਨ ਅਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਵੀ ਪੌਦਿਆਂ ਦੀ ਵੰਡ ਕੀਤੀ ਜਾ ਰਹੀ ਹੈ।
EDITED BY : SARA YAHA | | Last Updated : 8:00 pm 20 JULY 2018






















