*ਮਾਨਸਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਤਾਜਪੋਸ਼ੀ..! ਹਜ਼ਾਰਾਂ ਵਰਕਰ ਕਰਨਗੇ ਸ਼ਮੂਲੀਅਤ*

0
66

ਬੁਢਲਾਡਾ/ਮਾਨਸਾ, 6 ਫਰਵਰੀ(ਸਾਰਾ ਯਹਾਂ/ਅਮਨ ਮਹਿਤਾ) – ਜ਼ਿਲਾ ਕਾਂਗਰਸ ਕਮੇਟੀ ਮਾਨਸਾ ਦੇ ਨਵਨਿਯੁਕਤ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਤਾਜਪੋਸ਼ੀ ਦਾ ਵਿਸ਼ਾਲ ਸਮਾਰੋਹ 7 ਫਰਵਰੀ ਨੂੰ ਬੁਢਲਾਡਾ ਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਰੋਹ ਸਵੇਰੇ 9:30 ਵਜੇ ਬਜਰੰਗ ਭਵਨ ਦੇ ਸਾਹਮਣੇ ਬਿਜਲੀ ਗ੍ਰਿਡ ਨੇੜੇ ਹੋਵੇਗਾ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮਾਰੋਹ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਹੋਣ ਦੀ ਪੂਰੀ ਸੰਭਾਵਨਾ ਹੈ। ਜ਼ਿਲਾ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਤਾਜਪੋਸ਼ੀ ਨੂੰ ਲੈ ਕੇ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਜ਼ਿਲਾ ਮਾਨਸਾ ਵਿੱਚ ਵੱਖ ਵੱਖ ਥਾਵਾਂ ਤੇ ਕਾਂਗਰਸੀ ਵਰਕਰਾਂ ਵੱਲੋਂ ਬੈਨਰ, ਹੋਰਡਿੰਗ ਅਤੇ ਪੋਸਟਰ ਲਗਾ ਕੇ ਲੋਕਾਂ ਨੂੰ ਸਮਾਰੋਹ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਸਥਾਨਕ ਵਰਕਰਾਂ ਦੀਆਂ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।
ਇਸ ਤਾਜਪੋਸ਼ੀ ਸਮਾਰੋਹ ਵਿੱਚ ਕਾਂਗਰਸ ਪਾਰਟੀ ਦੇ ਕਈ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ’ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਹਿਨਾ ਲਿਖੀਰਾਮ ਕਾਵੜੇ ਅਤੇ ਪੰਜਾਬ ਕਾਂਗਰਸ ਦੀ ਸਕੱਤਰ ਕੈਪਟਨ ਸੰਦੀਪ ਸੰਧੂ ਆਦਿ ਲੀਡਰਸ਼ਿੱਪ ਵਿਸ਼ੇਸ਼ ਤੌਰ ਤੇ ਪਹੁੰਚ ਕੇ ਕੁਲਵੰਤ ਰਾਏ ਸਿੰਗਲਾ ਨੂੰ ਆਪਣਾ ਆਸ਼ੀਰਵਾਦ ਦੇਵੇਗੀ, ਜਦੋਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੋਕ ਸਭਾ ਸੈਸ਼ਨ ਵਿੱਚ ਰੁੱਝੇ ਹੋਣ ਕਾਰਨ ਅਤੇ ਪੰਜਾਬ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਰੁੱਝੇ ਹੋਣ ਕਾਰਨ ਇਸ ਸਮਾਰੋਹ ਵਿੱਚ ਸ਼ਾਮਿਲ ਨਹੀਂ ਹੋਣਗੇ। ਪਰ ਉਨ੍ਹਾਂ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਉਹ ਬਾਅਦ ਵਿੱਚ ਵੱਖਰੇ ਤੌਰ ’ਤੇ ਕੁਲਵੰਤ ਰਾਏ ਸਿੰਗਲਾ ਨੂੰ ਆਪਣਾ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਮਾਨਸਾ ਆਉਣਗੇ।
ਜ਼ਿਲਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਸਮਾਰੋਹ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਸਥਾਨਕ ਆਮ ਲੋਕਾਂ ਦੇ ਸਹਿਯੋਗ ਨਾਲ ਇਹ ਸਮਾਗਮ ਇਤਿਹਾਸਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਲਈ ਬੈਠਕਾਂ, ਸਟੇਜ, ਸਾਊਂਡ ਸਿਸਟਮ ਅਤੇ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਜ਼ਿਲ੍ਹਾ ਮਾਨਸਾ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਇਸ ਤਾਜਪੋਸ਼ੀ ਸਮਾਰੋਹ ਵਿੱਚ ਹਿੱਸਾ ਲੈਣ ਅਤੇ ਉਨ੍ਹਾਂ ਨੂੰ ਆਪਣੇ ਕੀਮਤੀ ਆਸ਼ੀਰਵਾਦ ਨਾਲ ਨਿਵਾਜਣ। ਉਨ੍ਹਾਂ ਕਿਹਾ ਕਿ ਇਹ ਸਮਾਰੋਹ ਸਿਰਫ਼ ਇਕ ਤਾਜਪੋਸ਼ੀ ਨਹੀਂ, ਸਗੋਂ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਲੋਕਾਂ ਦਾ ਰੁਝਾਨ ਮੁੜ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ। ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਉਹ ਇਕ ਵਾਰ ਫਿਰ ਕਾਂਗਰਸ ’ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਉਹ ਜ਼ਿਲਾ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨੂੰ ਮਜ਼ਬੂਤ ਕਰਨਾ, ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਪਰ ਤੱਕ ਪਹੁੰਚਾਉਣਾ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲਿਜਾਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਨੂੰ ਸਨਮਾਨ ਦਿੱਤਾ ਜਾਵੇਗਾ ਅਤੇ ਸਭ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਇਸ ਤਾਜਪੋਸ਼ੀ ਸਮਾਰੋਹ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਕਾਂਗਰਸੀ ਵਰਕਰਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਕਈ ਵਰਕਰਾਂ ਦਾ ਕਹਿਣਾ ਹੈ ਕਿ ਕੁਲਵੰਤ ਰਾਏ ਸਿੰਗਲਾ ਦੇ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਅਤੇ ਪਾਰਟੀ ਜਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਾਈਕਲ ਗਾਗੋਵਾਲ, ਕਾਂਗਰਸੀ ਆਗੂ ਬਲਕੌਰ ਸਿੰਘ ਸਿੱਧੂ, ਬਿਕਰਮ ਸਿੰਘ ਮੋਫਰ, ਰਣਵੀਰ ਕੌਰ ਮੀਆਂ, ਸੱਤਪਾਲ ਮੂਲੇਵਾਲਾ, ਰਣਜੀਤ ਕੌਰ ਭੱਟੀ, ਗੁਰਪ੍ਰੀਤ ਸਿੰਘ ਵਿੱਕੀ ਆਦਿ ਵੱਖ ਵੱਖ ਆਗੂਆਂ ਨੇ ਦੱਸਿਆ ਕਿ ਇਹ ਸਮਾਰੋਹ ਕਾਂਗਰਸ ਦੀ ਏਕਤਾ ਅਤੇ ਤਾਕਤ ਦਾ ਪ੍ਰਤੀਕ ਬਣੇਗਾ। ਉਨ੍ਹਾਂ ਕਿਹਾ ਕਿ ਬੁਢਲਾਡਾ ਦੀ ਧਰਤੀ ਤੋਂ ਕਾਂਗਰਸ ਪਾਰਟੀ ਇੱਕ ਮਜ਼ਬੂਤ ਸਿਆਸੀ ਸੁਨੇਹਾ ਦੇਵੇਗੀ। ਕੁੱਲ ਮਿਲਾ ਕੇ 7 ਫਰਵਰੀ ਨੂੰ ਹੋਣ ਜਾ ਰਿਹਾ ਇਹ ਤਾਜਪੋਸ਼ੀ ਸਮਾਰੋਹ ਮਾਨਸਾ ਜ਼ਿਲ੍ਹੇ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਇ ਜੋੜੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੀ ਦਿਸ਼ਾ ਅਤੇ ਦਸ਼ਾ ਤੈਅ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

LEAVE A REPLY

Please enter your comment!
Please enter your name here