

ਮਾਨਸਾ, 16 ਅਕਤੂਬਰ(ਸਾਰਾ ਯਹਾ,ਬਲਜੀਤ ਸ਼ਰਮਾ): ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਨਵੰਬਰ ਮਹੀਨੇ ਵਿਚ ਅੰਡਰ-25 ਵਰਗ ਵਿਚ ਔਰਤਾਂ ਦੀਆਂ ਖੇਡਾਂ ਦਾ ਆਯੋਜਨ ਕਰੇਗਾ। ਮਾਨਸਾ ਲਗਾਤਾਰ ਦੂਜੀ ਵਾਰ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰੇਗਾ। ਪਹਿਲਾਂ ਵੀ ਮਾਨਸਾ ਵਿਖੇ ਇਹ ਖੇਡਾਂ ਮਾਰਚ ਮਹੀਨੇ ਵਿਚ ਆਯੋਜਿਤ ਕੀਤੀਆਂ ਗਈਆਂ ਸਨ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਅਤੇ ਵੱਖ-ਵੱਖ ਕੰਮਾਂ ਲਈ ਕਮੇਟੀਆਂ ਦਾ ਗਠਨ ਕੀਤਾ।
ਉਨ੍ਹਾਂ ਦੱਸਿਆ ਕਿ ਮਾਨਸਾ ਸ਼ਹਿਰ ਵਿਚ ਵੱਖ-ਵੱਖ ਸਥਾਨਾਂ ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜੋ ਖਿਡਾਰਨਾਂ ਇਨ੍ਹਾਂ ਖੇਡਾਂ ਵਿਚ ਭਾਗ ਲੈਣਗੀਆਂ ਉਨ੍ਹਾਂ ਦੇ ਖਾਣ-ਪੀਣ ਅਤੇ ਰਿਹਾਇਸ਼ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਖਿਡਾਰਨਾਂ ਲਈ ਸਿਹਤ ਸਹੂਲਤਾਂ ਅਤੇ ਸੁਰੱਖਿਆ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਪ੍ਰਬੰਧਕ ਕਮੇਟੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਮਾਨਸਾ ਸਾਰੇ ਥਾਵਾਂ ਦੀ ਸਫਾਈ ਦਾ ਕੰਮ ਕਰੇਗਾ, ਜਦਕਿ ਸਿਹਤ ਵਿਭਾਗ ਚੌਵੀ ਘੰਟੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਵੇਗਾ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਜਦਕਿ ਮੰਡੀ ਬੋਰਡ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰੇਗਾ। ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਹੋਣ ਵਾਲੇ ਸਾਰੇ ਮੈਚਾਂ ਦਾ ਖੇਡ ਵਿਭਾਗ ਇੰਚਾਰਜ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ, ਸਰਪੰਚਾਂ ਅਤੇ ਪੰਚਾਂ, ਮਿਊਂਸਪਲ ਕਾਊਂਸਲਰਾਂ ਅਤੇ ਹੋਰ ਇਨ੍ਹਾਂ ਖੇਡਾਂ ਵਿਚ ਦਰਸ਼ਕ ਦੇ ਤੌਰ ਤੇ ਭਾਗ ਲੈਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ,ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ, ਡੀ.ਐਸ.ਪੀ. ਸ੍ਰੀ ਗੁਰਮੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਸਿੰਘ ਮਾਨ ਮੌਜੂਦ ਸਨ।























