

ਮਾਨਸਾ, 30 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਖੈਰਾ ਕਲਾਂ, ਬੁਰਜ ਢਿੱਲਵਾਂ, ਚੈਨੇਵਾਲਾ, ਮਾਖੇਵਾਲਾ, ਬਰ੍ਹੇ, ਸੱਦਾ ਸਿੰਘ ਵਾਲਾ ਤੇ ਝੰਡੂਕੇ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤੇ ਗਏ ਹਨ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਜਿ਼ਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਜਿ਼ਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ, ਪੰਚਾਇਤਾਂ ਨਾਲ ਮੀਟਿੰਗਾਂ, ਜਾਗਰੂਕਤਾ ਵੈਨਾਂ ਅਤੇ ਪੰਫਲੈਟਾਂ ਦੀ ਵੰਡ ਰਾਹੀਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪਾਂ ਵਿੱਚ ਅਧਿਕਾਰੀਆਂ ਵੱਲੋਂ ਸਰਕਾਰ ਦੁਆਰਾ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਗਈ ਮਸ਼ੀਨਰੀ ਜਿਵੇਂ ਕਿ ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਹੈਪੀ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਸਬੰਧੀ ਤਕਨੀਕੀ ਗਿਆਨ ਦਿੱਤਾ ਗਿਆ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਸਾੜਨ ਦੀ ਬਜਾਇ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਤਾਂ ਜੋ ਨਾ ਸਿਰਫ਼ ਵਾਤਾਵਰਨ ਦਾ ਪ੍ਰਦੂਸ਼ਨ ਤੋਂ ਬਚਾਅ ਹੋਵੇਗਾ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ, ਕਿਉਂਕਿ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਜਿਸ ਕਾਰਨ ਖਾਦਾਂ ਦੀ ਵਧੇਰੇ ਜਰੂਰਤ ਪੈਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਜਾਣੂੰ ਕਰਵਾਇਆ ਕਿ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਖਾਸ ਕਰਕੇ ਗੰਢੋਏ ਆਦਿ ਵੀ ਮਰ ਜਾਂਦੇ ਹਨ, ਜਿੰਨਾਂ ਕਰਕੇ ਖੇਤਾਂ ਦੀ ਉੱਪਰਲੀ ਤਹਿ ਸਖ਼ਤ ਹੋ ਜਾਂਦੀ ਹੈ। ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਧਰਤੀ ਦੇ ਆਰਗੈਨਿਕ ਮਾਦੇ ਦੀ ਪੂਰਤੀ ਹੁੰਦੀ ਹੈ ਅਤੇ ਪਾਣੀ ਜਜ਼ਬ ਕਰਨ ਦੀ ਸ਼ਕਤੀ ਵਧਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਫਸਲ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਤੱਕ ਹੀ ਕੀਤੀ ਜਾਵੇ।
ਜਾਗਰੂਕਤਾ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ।























