ਮਾਨਸਾ ਨਿਵਾਸੀਆਂ ਨੂੰ ਜਲਦ ਮਿਲੇਗੀ ਹੱਡਾਰੋੜੀ ਤੋਂ ਨਿਜਾਤ – ਕਾਂਗੜ

0
0

ਮਾਨਸਾ, 28 ਜੁਲਾਈ (ਬਲਜੀਤ ਸ਼ਰਮਾ) : ਬਿਜਲੀ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਮਾਨਸਾ ਜ਼ਿਲ੍ਹਾ ਪ੍ਰਸਾਸ਼ਨ ਦੇ ਸਮੂਹ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ-ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਏ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 1 ਮਹੀਨੇ ਦੇ ਅੰਦਰ-ਅੰਦਰ 25 ਏਕੜ ਟੋਬੇ ਦੇ ਨਾਲ ਵਾਲੀ ਹੱਡਾ ਰੋਡੀ ਨੂੰ ਸਾਫ਼ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਐਕਸੀਅਨ ਬਿਜਲੀ ਬੋਰਡ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਥਾਂ ਉੱਪਰ ਬਿਜਲੀ ਦੀਆਂ ਤਾਰਾਂ ਲਮਕ ਰਹੀਆਂ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਤਾਰਾਂ ਤੋਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਨ੍ਹਾਂ ਪੁਲਿਸ ਵਿਭਾਗ ਤੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਨਸ਼ਾ ਤਸਕਰਾਂ ‘ਤੇ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਸ਼੍ਰੀ ਕਾਂਗੜ ਨੇ ਖੇਤੀਬਾੜੀ ਵਿਭਾਗ ਤੋਂ ਕਿਸਾਨਾਂ ਦੀ ਕਰਜਾ ਰਾਹਤ ਸਕੀਮ ਸਬੰਧੀ ਜਾਣਕਾਰੀ ਹਾਸਿਲ ਕੀਤੀ।
ਕੈਬਨਿਟ ਮੰਤਰੀ ਪੰਜਾਬ ਨੇ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਤੰਦਰੁਸਤ ਪੰਜਾਬ ਮਿਸ਼ਨ ਪ੍ਰਤੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਾਫ਼ੀ ਗੰਭੀਰ ਹਨ ਅਤੇ ਇਸ ਮਿਸ਼ਨ ਤਹਿਤ ਚੱਲ ਰਹੀਆਂ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਵਾਟਰ ਸਪਲਾਈ ਵਿਭਾਗ, ਖੁਸ਼ਹਾਲੀ ਦੇ ਰਾਖੇ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਹੋਰ ਵਿਭਾਗਾਂ ਤੋਂ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ, ਐਸ.ਐਸ.ਪੀ. ਮਾਨਸਾ ਮਨਧੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ, ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


EDITED BY : SARA YAHA | | Last Updated : 6:30 pm 28 JULY 2018

LEAVE A REPLY

Please enter your comment!
Please enter your name here