

ਮਾਨਸਾ 12 ਜੁਲਾਈ(ਬਲਜੀਤ ਸ਼ਰਮਾ ): ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ੇ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਪੁਲਿਸ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਬੋਲਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਲੋਕਾਂ ਵਿਚ ਜਾਗਰੂਕਤਾ ਅਤੇ ਸਵੈ-ਇੱਛਾ ਦਾ ਹੋਣਾ ਲਾਜ਼ਮੀ ਹੈ। ਕਿਸੇ ਨਾਲ ਜ਼ਬਰਦਸਤੀ ਜਾਂ ਕਾਨੂੰਨੀ ਕਾਰਵਾਈ ਕਰਕੇ ਨਸ਼ੇ ਤੋਂ ਵਰਜਿਆ ਨਹੀਂ ਜਾ ਸਕਦਾ ਬਲਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਜਾਗਰੂਕਤਾ ਹੀ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਦਾ ਇਕ ਜ਼ਰੀਆ ਹੈ।
ਉਨ੍ਹਾਂ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਨੁੰਮਾਇੰਦੇਆਂ ਦੀਆਂ ਨਿਗਰਾਨ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਪਿੰਡ ਵਿਚ ਜਾ ਕੇ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਪੱਧਰ ਤੇ ਜਾ ਕੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਜਾਗਰੂਕ ਕਰਕੇ ਖੇਡਾਂ ਅਤੇ ਹੋਰ ਚੰਗੇ ਕੰਮਾਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਨਿਗਰਾਨ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਦਾ ਪਤਾ ਲੱਗਣ ਤੇ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਜ਼ਮੀਨੀ ਪੱਧਰ ਤੇ ਕੰਮ ਕਰਕੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਐਸ.ਪੀ(ਡੀ). ਸ੍ਰੀ ਨਰਿੰਦਰਪਾਲ ਸਿੰਘ ਵੜਿੰਗ ਤੋਂ ਇਲਾਵਾ ਪੁਲਿਸ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
EDITED BY : SARA YAHA | | Last Updated :6:33 pm 12 JULY 2018






















