*’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਗੁਰਪ੍ਰੀਤ ਸਿੰਘ ਭੁੱਚਰ*

0
24

ਮਾਨਸਾ, 11 ਮਾਰਚ  (ਸਾਰਾ ਯਹਾਂ/ਮੁੱਖ ਸੰਪਾਦਕ): ਪਿਛਲੇ ਦਿਨੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਹਿਲਾਵਾਂ ਲਈ ਆਪਣੀ ਸਭ ਤੋਂ ਵੱਡੀ ਗਾਰੰਟੀ ਨੂੰ ਅਮਲੀ ਰੂਪ ਦਿੰਦੇ ਹੋਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕੀਤੀ ਗਈ ਸ਼ੁਰੂਆਤ ਇਕ ਇਤਿਹਾਸਕ ਫੈਸਲਾ ਹੈ। ਇਹ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਆਪ ਸ੍ਰ. ਗੁਰਪ੍ਰੀਤ ਸਿੰਘ ਭੁੱਚਰ ਨੇ ਸਥਾਨਕ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਾਰੰਟੀ ਨੂੰ ਪੂਰਾ ਕਰਦਿਆਂ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਐਲਾਨ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਇਤਿਹਾਸਿਕ ਦਿਹਾੜੇ ਮੌਕੇ ਇਸ ਯੋਜਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ 93 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਯੋਜਨਾ ਨਾਲ ਔਰਤਾਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਦਾ ਮਨੋਬਲ ਮਜ਼ਬੂਤ ਹੋਵੇਗਾ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਔਰਤ ਵਰਗ ਲਈ ਕੀਤੇ ਗਏ ਇਸ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਲੋਕ ਭਲਾਈ ਸਕੀਮ ਵਿਚ ਔਰਤਾਂ ਦੀ ਇਸ ਵਿਸ਼ੇਸ਼ ਭਾਗੀਦਾਰੀ ਲਈ ਵਧਾਈ ਦਿੰਦੇ ਹਨ।

ਇਸ ਦੌਰਾਨ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਲਾਗੂ ਕੀਤੀ ਗਈ ਇਹ ਯੋਜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਤਿਕਾਰ ਲਈ ਵਚਨ ਹੈ।

ਇਸ ਮੌਕੇ ਸੂਬਾ ਸਕੱਤਰ ਵੀਨਾ ਅੱਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਹੈ ਜਿਸ ਵਿਚ ਜਰਨਲ ਵਰਗ ਨੂੰ ਵੀ ਸਰਕਾਰ ਦੀ ਲੋਕ ਭਲਾਈ ਸਕੀਮ ਦਾ ਲਾਭ ਮਿਲ ਰਿਹਾ ਹੈ ਚਾਹੇ ਉਹ ਮੁਫ਼ਤ ਬਿਜਲੀ ਹੋਵੇ ਜਾਂ ਸਿਹਤ ਯੋਜਨਾ ਹੋਵੇ, ਹਰ ਵਰਗ ਨੂੰ ਇੰਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।

ਇਸ ਮੌਕੇ ਹਲਕਾ ਇੰਚਾਰਜ ਵਿਰਾਸਤ ਸੇਵਾ ਸੰਗਠਨ ਡਾ. ਭਰਪੂਰ ਸਿੰਘ, ਜਰਨਲ ਸਕੱਤਰ ਆਪ ਕ੍ਰਿਸ਼ਨ ਸਿੰਘ, ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਕਿਰਤਪਾਲ ਕੀਰਤੀ, ਹਲਕਾ ਕੋਆਰਡੀਨੇਟਰ ਰਾਜਵਿੰਦਰ ਕੌਰ, ਬਲਾਕ ਪ੍ਰਧਾਨ ਗੁਰਪ੍ਰੀਤ ਕੌਰ, ਸੀਨੀਅਰ ਆਗੂ ਚਰਨਜੀਤ ਕੌਰ, ਐਡਵੋਕੇਟ ਰਣਦੀਪ ਸ਼ਰਮਾ, ਬੂਟਾ ਬੱਪੀਆਣਾ, ਜਸਵੰਤ ਸਿੰਘ, ਮੱਖਣ ਰੈਂਬੋ ਹਾਜ਼ਰ ਸਨ।

NO COMMENTS