

ਮਾਨਸਾ, 11 ਅਗਸਤ (ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਨਵੇਂ ਨਿਯੁਕਤ ਕੀਤੇ ਐਸ.ਪੀ. (ਹੈਡਕੁਆਰਟਰ) ਸ਼੍ਰੀ ਮੇਜਰ ਸਿੰਘ ਨੇ ਮਾਨਸਾ ਵਿਖੇ ਐਸ.ਪੀ. (ਐਚ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ਼੍ਰੀ ਮੇਜਰ ਸਿੰਘ ਜ਼ਿਲ੍ਹਾ ਸੰਗਰੂਰ ਤੋਂ ਬਦਲ ਕੇ ਮਾਨਸਾ ਵਿਖੇ ਤਾਇਨਾਤ ਕੀਤੇ ਗਏ ਹਨ।
ਆਪਣਾ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਨਾਲ ਨਾ-ਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਅਤੇ ਨੌਜਵਾਨਾਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਨਸ਼ਿਆਂ ਦੇ ਦਲਦਲ ਵਿੱਚ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਉਨ੍ਹਾਂ ਦੀ ਅੱਡੀ ਵੀ ਨਹੀਂ ਲੱਗਣ ਦਿੱਤੀ ਜਾਵੇਗੀ।
ਸ਼੍ਰੀ ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਚੰਗੁਲ ਤੋਂ ਜਾਲ ਤੋਂ ਨਿਕਲਣ ਅਤੇ ਨਰੋਈ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਟਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ‘ਚ ਆਪਣੀ ਜਵਾਨੀ ਬਰਬਾਦ ਕਰਨ ਦੀ ਬਜਾਇ ਖੇਡਾਂ ਵੱਲ ਦਿਲਚਸਪੀ ਵਧਾਉਣ ਲਈ ਪ੍ਰੇਰਿਤ ਕਰਨ ‘ਚ ਪੁਲਿਸ ਪ੍ਰਸਾਸ਼ਨ ਦਾ ਸਾਥ ਦੇਣ, ਤਾਂ ਜੋ ਸਾਰੇ ਮਿਲਜੁਲ ਕੇ ਸਾਂਝੇ ਹੰਭਲੇ ਰਾਹੀਂ ਤੰਦਰੁਸਤ ਪੰਜਾਬ ਦੀ ਸਿਰਜਨਾ ਕਰ ਸਕੀਏ।
EDITED BY : SARA YAHA | | Last Updated :7: 05 pm 11 august 2018






















