ਮਾਨਸਾ, 25 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) : ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਮੰਡੀਆਂ ਅੰਦਰ ਸਾਫ ਸਫਾਈ, ਪੀਣ ਵਾਲੇ ਪਾਣੀ, ਲਾਈਟਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਰੱਖੇ ਜਾਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਖੁਰਾਕ ਸਪਲਾਈ ਤੇ ਕੰਟਰੋਲਰ, ਖੇਤੀਬਾੜੀ ਵਿਭਾਗ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਵੱਧ ਤੋਂ ਵੱਧ ਅਨਾਊਂਸਮੈਂਟਾਂ ਕਰਵਾ ਕੇ ਕਿਸਾਨਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾਵੇ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਮਾਪਦੰਡਾਂ ਵਿਚ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਇਸ ਸਬੰਧੀ ਆੜ੍ਹਤੀਆਂ ਦੀਆਂ ਦੁਕਾਨਾਂ ਦੇ ਬਾਹਰ ਸੂਚਨਾ ਬੋਰਡ ਲਗਾਉਣ ਦੀ ਵੀ ਹਦਾਇਤ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਬੋਲੀ ਕਰਵਾਈ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਇਨ ਸੀਟੂ ਤੇ ਐਕਸ ਸੀਟੂ ਤਰੀਕਿਆਂ ਨਾਲ ਪਰਾਲੀ ਦਾ ਯੋਗ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ ਜ਼ਿਲ੍ਹੇ ਅੰਦਰ ਮੌਜੂਦ ਕੰਬਾਇਨਾਂ ਦਾ ਪ੍ਰਦੂਸ਼ਣ ਚੈੱਕ ਕਰਵਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੰਬਾਇਨਾਂ ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਤੱਕ ਹੀ ਚਲਾਈਆਂ ਜਾਣ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਤੋਂ ਇਲਾਵਾ ਵੱਖ ਵੱਖ ਖਰੀਦੇ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।